ਸਰਕਾਰ ਤੇ ਅਫ਼ਸਰਸ਼ਾਹੀ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ
ਪੰਜਾਬ ਦੀ ਆਮ ਆਦਮੀ ਸਰਕਾਰ ਅਤੇ ਵਿਭਾਗ ਦੀ ਅਫ਼ਸਰਸ਼ਾਹੀ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ
Publish Date: Thu, 18 Jun 2026 05:25 PM (IST)
Updated Date: Thu, 18 Jun 2026 05:27 PM (IST)

23 ਨੂੰ ਦਿੜ੍ਹਬਾ ਮੰਡੀ ਵਿਖੇ ਰੈਲੀ ਦੌਰਾਨ ਵਿੱਤ ਮੰਤਰੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : 18 ਦਿਨਾਂ ਤੋਂ ਲਗਾਤਾਰ ਨੂਰਪੁਰ ਬੇਦੀ ਵਿੱਚ ਲੱਗੇ ਧਰਨੇ ’ਤੇ ਬੈਠੇ ਸਮੂਹ ਨਰੇਗਾ ਮੁਲਾਜ਼ਮਾਂ ਨੂੰ ਹਾਲੇ ਤੱਕ ਵੀ ਸਰਕਾਰ ਸਿਰਫ਼ ਝੂਠੇ ਲਾਰੇ ਹੀ ਲਗਾ ਰਹੀ ਹੈ। ਸਾਡੀ ਨਿਗੂਣੀਆਂ ਤਨਖ਼ਾਹਾਂ ’ਤੇ ਕੀਤੀ 18 ਸਾਲਾਂ ਦੀ ਸੇਵਾ ਦਾ ਮੁੱਲ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੜਕਾਂ ’ਤੇ ਰੋਲ ਕੇ ਪਾ ਰਹੀ ਹੈ, ਉਧਾਰ ਮਟੀਰੀਅਲ ਖਰੀਦ ਕੇ ਕਰਵਾਏ ਕੰਮਾਂ ਦਾ ਇਹ ਸਿਲਾ ਦਿੱਤਾ ਜਾ ਰਿਹਾ ਹੈ ਕਿ 6 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ.. ਜਿੰਦਰਪਾਲ ਨੇ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਉਸੇ ਦਿਨ ਅਗਲੀ ਮੀਟਿੰਗ ਪ੍ਰੋਸੋਨਲ ਵਿਭਾਗ, ਵਿੱਤ ਵਿਭਾਗ, ਪੰਚਾਇਤ ਵਿਭਾਗ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਮੁਲਾਜ਼ਮਾਂ ਵੱਲੋਂ ਬਲਾਕ ਪੱਧਰ ’ਤੇ ਹੀ ਸ਼ਾਂਤਮਈ ਧਰਨਾ ਜਾਰੀ ਰੱਖਿਆ ਗਿਆ। 16 ਜੂਨ ਨੂੰ ਮੀਟਿੰਗ ਲਈ ਸੱਦਾ ਆਇਆ ਤਾਂ ਉਹ ਮੀਟਿੰਗ ਸਿਰਫ਼ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਹੀ ਹੀ ਹੋਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ ਅਤੇ ਕੰਮ ’ਤੇ ਆਓ ਨਹੀਂ ਤਾਂ ਉਹ ਨੌਕਰੀ ਤੋਂ ਕੱਢ ਦੇਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਾਡੀਆਂ ਸੇਵਾਵਾਂ ਨਿਯਮਤ ਕਰਨ ਦਾ ਕੋਈ ਕੇਸ ਤਿਆਰ ਕੀਤਾ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਹੜਤਾਲ ਵਾਪਸ ਲਵੋ। ਇਸ ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਪਿਛਲੇ 18 ਸਾਲਾਂ ਵਿੱਚ ਅਜਿਹਾ ਧੋਖਾ 2011 ਵਿੱਚ, 2015 ਵਿੱਚ, 2016 ਵਿੱਚ, 2019 ਵਿੱਚ 2021 ਵਿੱਚ ਵੀ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਵੀ ਕਈ ਵਾਰ ਕੀਤਾ ਹੈ ਜਦੋਂ ਅਫ਼ਸਰਸ਼ਾਹੀ ਦੇ ਭਰੋਸੇ ’ਤੇ ਹੜਤਾਲ ਵਾਪਸ ਲਈ ਹੋਵੇ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਵਿੱਤ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਵੀ 13 ਮਾਰਚ 2025 ਨੂੰ ਦਿੱਤਾ ਸੀ ਜਦੋਂ ਉਨ੍ਹਾਂ ਤਿੰਨ ਮਹੀਨੇ ਵਿਭਾਗ ਦੇ ਕੰਮ ਕਰਨ ਲਈ ਕਿਹਾ ਸੀ ਕਿ ਉਸਤੋਂ ਬਾਅਦ ਮੈਂ ਤੁਹਾਡਾ ਵਕੀਲ ਬਣਕੇ ਪੱਕੇ ਕਰਵਾਵਾਂਗਾ। ਇਸ ਲਈ ਵਾਰ-ਵਾਰ ਅਜਿਹੇ ਲਾਰਿਆਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੇਵਾਵਾਂ ਪੱਕੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਇਸ ਵਾਰ ਕਿਸੇ ਵੀ ਕੀਮਤ ਤੇ ਹੜਤਾਲ ਵਾਪਸ ਲੈਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਲਾਮਿਸਾਲ ਇਕੱਠ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ਵਿੱਚ ਹਰ ਪਿੰਡ ਵਿੱਚੋਂ 50 ਤੋਂ ਵੱਧ ਸਰਪੰਚ-ਪੰਚ, ਨਰੇਗਾ ਮੇਟ, ਮਜ਼ਦੂਰ ’ਤੇ ਮਜ਼ਦੂਰ ਆਗੂਆਂ ਨੂੰ ਸ਼ਾਮਲ ਕਰਨ ਲਈ ਅੱਜ ਤੋਂ ਹੀ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਇੰਨ੍ਹਾਂ ਦੇ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਦੇ ਇਸ ਤਰ੍ਹਾਂ ਦੇ ਰਵਈਏ ਕਾਰਨ ਮੁਲਾਜ਼ਮਾਂ ਦੇ ਅੰਦਰ ਅੱਗ ਲਾਈ ਹੈ ਜੋ ਝੂਠੇ ਲਾਰੇ ਲਾ ਕੇ ਸ਼ਾਂਤ ਨਹੀਂ ਹੋਵੇਗੀ। ਇਸ ਵਾਰ ਭਾਵੇਂ ਪਰਚੇ ਪੈਣ, ਭਾਵੇਂ ਲਾਠੀਚਾਰਜ ਹੋਣ, ਭਾਵੇਂ ਜੇਲ੍ਹਾਂ ਵਿੱਚ ਸੁੱਟਣ, ਭਾਵੇਂ ਮਾਰ ਵੀ ਦੇਣ ਪਰ ਸਾਡਾ ਹੱਕ ਨੌਕਰੀ ਪੱਕੀ ਕਰਵਾਉਣ ਦਾ ਉਹ ਲੈ ਕੇ ਰਹਾਂਗੇ। ਉਨ੍ਹਾਂ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀ ਅਫ਼ਸਰਸ਼ਾਹੀ ਸਾਡੀ ਏਕਤਾ ਅਤੇ ਹੜਤਾਲ ਨੂੰ ਤੋੜਨ ਲਈ ਕਈ ਤਰ੍ਹਾਂ ਦੇ ਲਾਲਚ ਅਤੇ ਡਰਾਵੇ ਦੇ ਸਕਦੀ ਹੈ ਪਰ ਸੁਚੇਤ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰਦੇ ਰਹੋ। ਇਸ ਮੋਕੇ ਤਰੀਕਾ ਕਰਮਚਾਰੀ ਯੂਨੀਅਨ ਦੇ ਆਗੂ ਅਤੇ ਸਮੂਹ ਮਨਰੇਗਾ ਕਰਮਚਾਰੀ ਹਾਜ਼ਰ ਸਨ।