ਬਸੀ ਵਿਖੇ ਮਹਿਲਾ ਮੰਡਲ ਦੀ ਇਮਾਰਤ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
ਬਸੀ ਵਿਖੇ ਮਹਿਲਾ ਮੰਡਲ ਦੀ ਇਮਾਰਤ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
Publish Date: Fri, 19 Jun 2026 04:39 PM (IST)
Updated Date: Fri, 19 Jun 2026 04:42 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਪਿੰਡ ਬਸੀ ਵਿਖੇ ਮਹਿਲਾ ਮੰਡਲ ਦੀ ਇਮਾਰਤ ਦੇ ਵਿਕਾਸ ਅਤੇ ਸੁਧਾਰ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਵਿਧਾਇਕ ਚੱਢਾ ਨੇ ਗ੍ਰਾਂਟ ਦਾ ਮਨਜ਼ੂਰੀ ਪੱਤਰ ਮਹਿਲਾ ਮੰਡਲ ਦੇ ਅਹੁਦੇਦਾਰਾਂ ਨੂੰ ਸੌਂਪਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਮਹਿਲਾਵਾਂ ਨੂੰ ਸਸ਼ਕਤ ਬਣਾਏ ਬਿਨ੍ਹਾਂ ਸਮਾਜਿਕ ਅਤੇ ਆਰਥਿਕ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮਹਿਲਾ ਮੰਡਲ ਵਰਗੀਆਂ ਸੰਸਥਾਵਾਂ ਪਿੰਡਾਂ ਵਿੱਚ ਸਮਾਜਿਕ ਜਾਗਰੂਕਤਾ, ਸਿੱਖਿਆ, ਸਿਹਤ ਅਤੇ ਭਲਾਈ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ, ਇਸ ਲਈ ਅਜਿਹੀਆਂ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਮਹਿਲਾ ਸੰਗਠਨਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਉੱਤੇ ਕੰਮ ਕਰ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੇ ਸਤਿਕਾਰ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਵਿਧਾਇਕ ਚੱਢਾ ਨੇ ਭਰੋਸਾ ਦਿੱਤਾ ਕਿ ਪਿੰਡ ਬਸੀ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮਹਿਲਾ ਮੰਡਲ ਦੇ ਅਹੁਦੇਦਾਰਾਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਮਹਿਲਾ ਮੰਡਲ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਚੱਢਾ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਸਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੋਹਣ ਸਿੰਘ ਬਸੀ, ਸਰਬਜੀਤ ਬਸੀ, ਲਾਲ ਸਿੰਘ, ਹਰਜਾਪ ਸਿੰਘ, ਜਸਵੰਤ ਸਿੰਘ, ਜਗੀਰ ਸਿੰਘ, ਬਲਵਿੰਦਰ ਕੌਰ ਪ੍ਰਧਾਨ ਮਹਿਲਾ ਮੰਡਲ, ਹਰਸਵਿੰਦਰ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ, ਬਲਵੀਰ ਕੌਰ ਅਤੇ ਰਣਜੀਤ ਕੌਰ ਆਦਿ ਹਾਜ਼ਰ ਸਨ।