ਮਿਸ਼ਨ ਕਲੀਨ ਪੰਜਾਬ ਤਹਿਤ ਨੰਗਲ ਦਾ ਕੋਨਾ-ਕੋਨਾ ਕੀਤਾ ਜਾ ਰਿਹਾ ਸਾਫ : ਹਰਜੋਤ ਬੈਂਸ
“ਮਿਸ਼ਨ ਕਲੀਨ ਪੰਜਾਬ” ਤਹਿਤ ਨੰਗਲ ਦਾ ਕੋਨਾ-ਕੋਨਾ ਕੀਤਾ ਜਾ ਰਿਹਾ ਸਾਫ: ਹਰਜੋਤ ਬੈਂਸ
Publish Date: Fri, 19 Jun 2026 04:41 PM (IST)
Updated Date: Fri, 19 Jun 2026 04:42 PM (IST)

ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਦੇ ਕੋਨੇ-ਕੋਨੇ ਦੀ ਸਫਾਈ ਲਗਾਤਾਰ ਕੀਤੀ ਜਾ ਰਹੀ ਹੈ। ਇਸ ਵਿਸ਼ਾਲ ਮੁਹਿੰਮ ਨਾਲ ਨਾ ਸਿਰਫ ਸਫਾਈ ਪ੍ਰਣਾਲੀ ਨੂੰ ਨਵਾਂ ਰੂਪ ਮਿਲ ਰਿਹਾ ਹੈ, ਸਗੋਂ ਸ਼ਹਿਰੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਵੀ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕੀਤਾ ਜਾ ਰਿਹਾ ਹੈ। ਨਗਰ ਕੌਂਸਲਾਂ ਅਤੇ ਸਥਾਨਕ ਸੰਸਥਾਵਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਬਹੁਤ ਮਹੱਤਵਪੂਰਨ ਬਣੀ ਹੋਈ ਹੈ, ਜਿਸ ਨਾਲ ਸਫਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵੀ ਵੱਧ ਰਹੀ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਸਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਤਕਨਾਲੋਜੀ-ਅਧਾਰਤ ਪ੍ਰਣਾਲੀਆਂ ਨੂੰ ਅਪਣਾਇਆ ਗਿਆ ਹੈ, ਜਿਸ ਨਾਲ ਸਫਾਈ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਸ਼ਹਿਰਾਂ ਨੂੰ ਸਾਫ-ਸੁਥਰਾ ਬਣਾਉਣ ਵੱਲ ਇਹ ਇਕ ਵੱਡਾ ਕਦਮ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਫਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜਿੰਮੇਵਾਰੀ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸਾਰੇ ਨਗਰ ਕੌਂਸਲ ਅਧਿਕਾਰੀ ਹਰ ਰੋਜ਼ ਸਵੇਰੇ 7 ਵਜੇ ਤੋਂ 8 ਵਜੇ ਤੱਕ ਫੀਲਡ ਵਿੱਚ ਰਹਿ ਕੇ ਸਫਾਈ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਦਾਨੀ ਪੱਧਰ ‘ਤੇ ਜਾ ਕੇ ਸਫਾਈ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਜਿੱਥੇ ਵੀ ਕਮੀ ਪਾਈ ਜਾਵੇ, ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਨਾਲ ਸਿਸਟਮ ਵਿੱਚ ਜਵਾਬਦੇਹੀ ਅਤੇ ਕਾਰਗੁਜ਼ਾਰੀ ਦੋਵਾਂ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਧਿਕਾਰੀ ਨਿਯਮਿਤ ਤੌਰ ‘ਤੇ ਮੈਦਾਨੀ ਦੌਰੇ ਕਰਦੇ ਹਨ ਅਤੇ ਸਫਾਈ ਪ੍ਰਣਾਲੀ ਦੀ ਨਿਗਰਾਨੀ ਕਰਦੇ ਹਨ। ਮੰਤਰੀ ਬੈਂਸ ਖੁਦ ਵੀ ਵੱਖ-ਵੱਖ ਇਲਾਕਿਆਂ ਵਿੱਚ ਅਚਾਨਕ ਦੌਰੇ ਕਰਕੇ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਿਰਫ ਦਿਖਾਵਟੀ ਨਹੀਂ, ਸਗੋਂ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨੰਗਲ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕਰਕੇ ਇਕ ਮਾਡਲ ਸਿਟੀ ਬਣਾਇਆ ਜਾਵੇਗਾ, ਜਿੱਥੇ ਸਫਾਈ, ਸੁਵਿਧਾਵਾਂ ਅਤੇ ਸੁੰਦਰਤਾ ਤਿੰਨਾਂ ਦਾ ਸੰਤੁਲਨ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਤਾਂ ਜੋ ਸਾਫ-ਸੁਥਰਾ ਅਤੇ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।