ਸਫਾਈ ਕਰਮਚਾਰੀਆਂ ਦੀ ਅਣਮਿੱਥੀ ਹੜਤਾਲ ਜਾਰੀ ਸਫਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ
Publish Date: Thu, 16 Jul 2026 04:18 PM (IST)
Updated Date: Thu, 16 Jul 2026 04:19 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੜਤਾਲ ਲਗਾਤਾਰ ਜਾਰੀ ਰਹਿਣ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਵੱਖ-ਵੱਖ ਵਾਰਡਾਂ, ਬਾਜ਼ਾਰ , ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ਤੇ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਕਾਰਨ ਸ਼ਹਿਰ ਵਿੱਚ ਗੰਦਗੀ ਫੈਲ ਚੁੱਕੀ ਹੈ। ਬਰਸਾਤ ਦੇ ਮੌਸਮ ਵਿੱਚ ਇਹ ਹਾਲਾਤ ਹੋਰ ਵੀ ਚਿੰਤਾਜਨਕ ਬਣਦੇ ਜਾ ਰਹੇ ਹਨ ਅਤੇ ਮੱਖੀਆਂ, ਮੱਛਰਾਂ ਅਤੇ ਬਦਬੂ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਸੰਕਰਾਮਕ ਬਿਮਾਰੀਆਂ ਫੈਲਣ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਤੁਰੰਤ ਇਸ ਮਸਲੇ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ। ਨੌਵੇਂ ਦਿਨ ਵੀ ਸਫਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਧਰਨਾ ਜਾਰੀ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਬਿਨ੍ਹਾਂ ਦੇਰੀ ਲਾਗੂ ਕਰਨ ਦੀ ਮੰਗ ਦੁਹਰਾਈ। ਇਸ ਮੌਕੇ ਸਫਾਈ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ 6 ਮਈ ਦੀ ਹੜਤਾਲ ਤੋਂ ਬਾਅਦ 20 ਮਈ ਨੂੰ ਸਰਕਾਰ ਨਾਲ ਹੋਏ ਸਮਝੌਤੇ ਦੌਰਾਨ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਨਾ ਤਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ ਅਤੇ ਨਾ ਹੀ ਕਾਂਟ੍ਰੈਕਟ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਵਾਅਦੇ ਪੂਰੇ ਨਾ ਹੋਣ ਕਾਰਨ ਯੂਨੀਅਨ ਨੂੰ ਅਣਮਿਥੇ ਸਮੇਂ ਲਈ ਸੰਘਰਸ਼ ਜਾਰੀ ਰੱਖਣ ਲਈ ਮਜਬੂਰ ਹੋਣਾ ਪਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਹੋ ਰਹੀ ਅਸੁਵਿਧਾ ਦਾ ਉਨ੍ਹਾਂ ਨੂੰ ਅਫ਼ਸੋਸ ਹੈ, ਪਰ ਸਰਕਾਰ ਦੀ ਅਣਦੇਖੀ ਕਾਰਨ ਇਹ ਸੰਘਰਸ਼ ਕਰਨਾ ਉਨ੍ਹਾਂ ਦੀ ਮਜਬੂਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਰਸਾਤ ਦੇ ਮੌਸਮ ਦੌਰਾਨ ਗੰਦਗੀ ਕਾਰਨ ਕੋਈ ਮਹਾਮਾਰੀ ਜਾਂ ਹੋਰ ਬਿਮਾਰੀ ਫੈਲਦੀ ਹੈ ਜਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ, ਰਾਹੁਲ, ਅਮਨਦੀਪ ਸਿੰਘ, ਸਿਕੰਦਰ, ਸੰਜੀਵ ਕੁਮਾਰ, ਅੰਸ਼ੂ, ਮੋਨੂੰ, ਰਿੰਕੂ, ਚੰਚਲ, ਕਰਨ, ਵਿਸ਼ਾਲ, ਗੁਲਸ਼ਨ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਿਰ ਸਨ।