- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਫੇਫੜਾ ਕੈਂਸਰ ਦਿਵਸ: ਧੂਮਰਪਾਨ ਤੋਂ ਦੂਰ ਰਹਿ ਕੇ ਫੇਫੜਿਆਂ ਨੂੰ ਰੱਖਿਆ ਜਾ ਸਕਦਾ ਹੈ ਤੰਦਰੁਸਤ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ
ਸ੍ਰੀ ਅਨੰਦਪੁਰ ਸਾਹਿਬ : ਵਿਸ਼ਵ ਫੇਫੜਾ ਕੈਂਸਰ ਦਿਵਸ ਮੌਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਡਾ. ਰਣਵੀਰ ਸਿੰਘ ਨੇ ਲੋਕਾਂ ਨੂੰ ਫੇਫੜਿਆਂ ਦੇ ਕੈਂਸਰ ਪ੍ਰਤੀ ਜਾਗਰੂਕ ਰਹਿਣ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਸਾਲ 1 ਅਗਸਤ ਨੂੰ ਇਹ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣਾ, ਇਸ ਦੇ ਕਾਰਨਾਂ ਅਤੇ ਬਚਾਅ ਦੇ ਤਰੀਕਿਆਂ ਤੋਂ ਜਾਣੂ ਕਰਵਾਉਣਾ ਅਤੇ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਾ. ਰਣਵੀਰ ਸਿੰਘ ਨੇ ਦੱਸਿਆ ਕਿ ਫੇਫੜਿਆਂ ਦੇ ਕੈਂਸਰ ਦਾ ਸਭ ਤੋਂ ਵੱਡਾ ਕਾਰਨ ਧੂਮਰਪਾਨ ਹੈ। ਇਸ ਤੋਂ ਇਲਾਵਾ ਤੰਬਾਕੂ ਦੇ ਹੋਰ ਉਤਪਾਦਾਂ ਦੀ ਵਰਤੋਂ, ਹਵਾ ਪ੍ਰਦੂਸ਼ਣ, ਖ਼ਤਰਨਾਕ ਰਸਾਇਣਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣਾ ਅਤੇ ਪਰਿਵਾਰਕ ਇਤਿਹਾਸ ਵੀ ਇਸ ਬਿਮਾਰੀ ਦੇ ਖਤਰੇ ਨੂੰ ਵਧਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਖੰਘ ਰਹਿਣਾ, ਖੰਘ ਵਿੱਚ ਖੂਨ ਆਉਣਾ, ਸਾਹ ਲੈਣ ਵਿੱਚ ਤਕਲੀਫ਼, ਛਾਤੀ ਵਿੱਚ ਦਰਦ ਅਤੇ ਬਿਨਾਂ ਕਾਰਨ ਭਾਰ ਘਟਣਾ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਲੱਛਣਾਂ ਵਿੱਚੋਂ ਕੋਈ ਵੀ ਲੱਛਣ ਲੰਬੇ ਸਮੇਂ ਤੱਕ ਬਣਿਆ ਰਹੇ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕਰਕੇ ਲੋੜੀਂਦੀਆਂ ਜਾਂਚਾਂ ਕਰਵਾਉਣੀਆਂ ਚਾਹੀਦੀਆਂ ਹਨ। ਸਮੇਂ ਸਿਰ ਬਿਮਾਰੀ ਦਾ ਪਤਾ ਲੱਗਣ ਨਾਲ ਇਲਾਜ ਦੀ ਸਫ਼ਲਤਾ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ।
ਇਸ ਮੌਕੇ ਸੀਨੀਅਰ ਡਾਕਟਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿਗਰਟ, ਬੀੜੀ, ਹੁੱਕਾ ਅਤੇ ਹੋਰ ਨਸ਼ੀਲੇ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿਹਤਮੰਦ ਖੁਰਾਕ, ਨਿਯਮਿਤ ਕਸਰਤ, ਸਾਫ਼-ਸੁਥਰੇ ਵਾਤਾਵਰਣ ਵਿੱਚ ਰਹਿਣ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਆਦਤ ਅਪਣਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਰਣਵੀਰ ਸਿੰਘ ਨੇ ਕਿਹਾ ਕਿ ਫੇਫੜਾ ਕੈਂਸਰ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ। ਜੇਕਰ ਹਰ ਵਿਅਕਤੀ ਧੂਮਰਪਾਨ ਤੋਂ ਤੌਬਾ ਕਰੇ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਲਈ ਪ੍ਰੇਰਿਤ ਕਰੇ ਤਾਂ ਇਸ ਗੰਭੀਰ ਬਿਮਾਰੀ ਦੇ ਮਾਮਲਿਆਂ ਵਿੱਚ ਕਾਫ਼ੀ ਹੱਦ ਤੱਕ ਕਮੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਲੱਛਣ ਨੂੰ ਹਲਕੇ ਵਿੱਚ ਨਾ ਲੈਣ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈ ਕੇ ਆਪਣੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ।