ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਅਕਾਲੀ ਆਗੂਆਂ ਵੱਲੋਂ ਸਖ਼ਤ ਨਿਖੇਧੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਅਕਾਲੀ ਆਗੂਆਂ ਵੱਲੋਂ ਸਖ਼ਤ ਨਿਖੇਧੀ
Publish Date: Thu, 13 Aug 2026 06:56 PM (IST)
Updated Date: Thu, 13 Aug 2026 06:59 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਨਾਂਦੇੜ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਯੂਥ ਅਕਾਲੀ ਆਗੂ ਸੰਦੀਪ ਸਿੰਘ ਕਲੋਤਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਨੇ ਕਿਹਾ ਕਿ ਗੁਰੂ ਘਰ ਵਰਗੇ ਪਵਿੱਤਰ ਅਸਥਾਨ ’ਤੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਖੇ ਹਰ ਵਿਅਕਤੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ ਲਈ ਆਉਂਦਾ ਹੈ। ਅਜਿਹੇ ਪਵਿੱਤਰ ਸਥਾਨ ’ਤੇ ਕਿਸੇ ਵਿਅਕਤੀ ਵੱਲੋਂ ਹਿੰਸਕ ਕਾਰਵਾਈ ਕਰਨਾ ਗੁਰੂ ਘਰ ਦੀ ਮਰਯਾਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਹਿੰਸਾ ਕਿਸੇ ਵੀ ਤਰ੍ਹਾਂ ਸਵੀਕਾਰ ਨਹੀਂ ਕੀਤੀ ਜਾ ਸਕਦੀ। ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਲਈ ਅਤਿਅੰਤ ਸਤਿਕਾਰਤ ਪਵਿੱਤਰ ਅਸਥਾਨ ਹੈ। ਇੱਥੇ ਕਿਸੇ ਸ਼ਰਧਾਲੂ ਜਾਂ ਸਿਆਸੀ ਆਗੂ ’ਤੇ ਹਮਲੇ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਮਰਯਾਦਾ ਅਤੇ ਪਵਿੱਤਰਤਾ ਦੀ ਰਾਖੀ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜੇਕਰ ਇਸ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਤਾਕਤਾਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਬੇਨਕਾਬ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਪਰ ਕਿਸੇ ਵੀ ਮਤਭੇਦ ਨੂੰ ਹਿੰਸਾ ਦਾ ਰੂਪ ਦੇਣਾ ਠੀਕ ਨਹੀਂ। ਗੁਰੂ ਘਰ ਦੀ ਹਦੂਦ ਅੰਦਰ ਵਾਪਰੀ ਇਸ ਘਟਨਾ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਯੂਥ ਅਕਾਲੀ ਆਗੂ ਸੰਦੀਪ ਸਿੰਘ ਕਲੋਤਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਨੌਜਵਾਨ ਵਰਗ ਵਿੱਚ ਵੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰਾਂ ਦਾ ਵਿਰੋਧ ਕਰਨਾ ਲੋਕਤੰਤਰ ਦਾ ਹਿੱਸਾ ਹੈ ਪਰ ਹਿੰਸਕ ਤਰੀਕੇ ਅਪਣਾਉਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਦੂਰ ਰਹਿੰਦਿਆਂ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸੰਜਮ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।