ਅੱਗ ਬੁਝਾਊ ਯੰਤਰ ਚਲਾਉਣ ਦੀ ਦਿੱਤੀ ਵਿਹਾਰਕ ਸਿਖਲਾਈ ਵਿਦਿਆਰਥੀਆਂ ਨੂੰ ਅੱਗ ਬੁਝਾਊ ਯੰਤਰ ਚਲਾਉਣ ਦੀ ਦਿੱਤੀ ਵਿਹਾਰਕ ਸਿਖਲਾਈ
Publish Date: Wed, 19 Aug 2026 06:42 PM (IST)
Updated Date: Wed, 19 Aug 2026 06:45 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਸੁਰੱਖਿਆ ਉਪਾਅ ਅਤੇ ਅੱਗ ਬੁਝਾਊ ਯੰਤਰਾਂ ਦੀ ਸਹੀ ਵਰਤੋਂ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਚਾਨਕ ਅੱਗ ਲੱਗਣ ਦੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਸਾਵਧਾਨੀ ਅਤੇ ਸਮਝਦਾਰੀ ਨਾਲ ਕਿਵੇਂ ਸਥਿਤੀ ਨੂੰ ਕਾਬੂ ਕੀਤਾ ਜਾ ਸਕਦਾ ਹੈ। ਸਕੂਲ ਵਿਖੇ ਕਰਵਾਈ ਗਈ ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਅੱਗ ਬੁਝਾਊ ਯੰਤਰ ਦੇ ਵੱਖ-ਵੱਖ ਹਿੱਸਿਆਂ ਅਤੇ ਇਸ ਨੂੰ ਚਲਾਉਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਤੋਂ ਖੁਦ ਅੱਗ ਬੁਝਾਊ ਯੰਤਰ ਚਲਾ ਕੇ ਅਭਿਆਸ ਵੀ ਕਰਵਾਇਆ ਗਿਆ, ਤਾਂ ਜੋ ਉਹ ਐਮਰਜੈਂਸੀ ਸਮੇਂ ਬਿਨਾਂ ਘਬਰਾਏ ਇਸ ਦੀ ਵਰਤੋਂ ਕਰ ਸਕਣ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਆਸ਼ਾ ਰਾਣੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਜੀਵਨ ਵਿੱਚ ਕੰਮ ਆਉਣ ਵਾਲੀ ਵਿਹਾਰਕ ਸਿੱਖਿਆ ਦੇਣਾ ਵੀ ਸਕੂਲ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਵਰਗੀ ਐਮਰਜੈਂਸੀ ਸਥਿਤੀ ਕਿਸੇ ਵੀ ਸਮੇਂ ਪੈਦਾ ਹੋ ਸਕਦੀ ਹੈ, ਇਸ ਲਈ ਹਰ ਵਿਅਕਤੀ ਨੂੰ ਮੁੱਢਲੇ ਸੁਰੱਖਿਆ ਉਪਾਵਾਂ ਅਤੇ ਅੱਗ ਬੁਝਾਊ ਯੰਤਰ ਚਲਾਉਣ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਅੱਗ ਤੋਂ ਬਚਾਅ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਸਹੀ ਫੈਸਲਾ ਲੈਣ ਦੇ ਯੋਗ ਬਣਾਉਂਦੀਆਂ ਹਨ। ਇਸ ਮੌਕੇ ਹਰਵਿੰਦਰ ਕੁਮਾਰ ਸਮਾਜ ਸੇਵੀ, ਮੈਡਮ ਮਨਜੀਤ ਕੌਰ ਆਦਿ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।