ਬੰਦੀ ਸਿੰਘਾਂ ਦੀ ਰਿਹਾਈ ਲਈ ਬੂੰਗਾ ਸਾਹਿਬ ਟੀ-ਪੁਆਇੰਟ ’ਤੇ ਚਾਰ ਘੰਟੇ ਚੱਕਾ ਜਾਮ ਬੰਦੀ ਸਿੰਘਾਂ ਦੀ ਰਿਹਾਈ ਲਈ ਬੂੰਗਾ ਸਾਹਿਬ ਟੀ-ਪੁਆਇੰਟ ’ਤੇ ਚਾਰ ਘੰਟੇ ਚੱਕਾ ਜਾਮ
Publish Date: Fri, 21 Aug 2026 05:58 PM (IST)
Updated Date: Fri, 21 Aug 2026 06:00 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : 35 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ-ਊਨਾ-ਮਨਾਲੀ ਨੈਸ਼ਨਲ ਹਾਈਵੇਅ ’ਤੇ ਸਥਿਤ ਬੂੰਗਾ ਸਾਹਿਬ ਟੀ-ਪੁਆਇੰਟ ਵਿਖੇ ਸੰਘਰਸ਼ਕਾਰੀਆਂ ਨੇ ਕਰੀਬ ਚਾਰ ਘੰਟੇ ਚੱਕਾ ਜਾਮ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ। ਨੂਰਪੁਰ ਬੇਦੀ ਇਲਾਕੇ ਸਮੇਤ ਬੂੰਗਾ ਸਾਹਿਬ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਘਰਸ਼ਕਾਰੀ ਸਵੇਰੇ ਕਰੀਬ 10 ਵਜੇ ਬੂੰਗਾ ਸਾਹਿਬ ਟੀ-ਪੁਆਇੰਟ ’ਤੇ ਇਕੱਠੇ ਹੋਏ। ਇਸ ਦੌਰਾਨ ਹਿੰਦੂ, ਸਿੱਖ ’ਤੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ, ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਆਜ਼ਾਦ ਟੈਕਸੀ ਯੂਨੀਅਨ ਦੇ ਸੂਬਾ ਆਗੂ ਕਮਲਜੀਤ ਸਿੰਘ, ਕਿਸਾਨ ਯੂਨੀਅਨ ਦੇ ਆਗੂ ਜਗਬੀਰ ਸਿੰਘ, ਸ਼ਾਹਪੁਰ ਬੇਲਾ ਡੇਅਰੀ ਉਤਪਾਦਕ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਬੜਵਾ, ਅਮਨਦੀਪ ਸਿੰਘ ਅਬਿਆਣਾ, ਮਲਕੀਤ ਸਿੰਘ ਛੱਜਾ, ਜਮਹੂਰੀ ਕਿਸਾਨ ਸਭਾ ਦੇ ਆਗੂ ਧਰਮਪਾਲ ਸੈਣੀ ਮਾਜਰਾ ਅਤੇ ਜਸਵੀਰ ਸਿੰਘ ਜੱਸੂ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦਾ ਗੰਭੀਰ ਸਵਾਲ ਹੈ। ਆਗੂਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨਕਲਾਬ ਦੇ ਨਾਮ ’ਤੇ ਸੱਤਾ ਵਿੱਚ ਆਈ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਿਰਫ਼ ਦਿਖਾਵੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਪੰਜਾਬੀਆਂ ਦੇ ਮਸਲਿਆਂ ’ਤੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਘੇਰਦਿਆਂ ਆਗੂਆਂ ਨੇ ਕਿਹਾ ਕਿ ਜਦੋਂ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਪੀੜਤ ਪਰਿਵਾਰਾਂ ਵੱਲੋਂ ਵੀ ਕਈ ਵਾਰ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਉਨ੍ਹਾਂ ਦੀ ਰਿਹਾਈ ’ਤੇ ਕੋਈ ਇਤਰਾਜ਼ ਨਹੀਂ, ਤਾਂ ਫਿਰ ਸਰਕਾਰ ਵੱਲੋਂ ਇਸ ਮਾਮਲੇ ’ਤੇ ਫੈਸਲਾ ਕਿਉਂ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਧਰਮ ਜਾਂ ਵਰਗ ਦੇ ਆਧਾਰ ’ਤੇ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ 34 ਸਿੰਘ ਸ਼ਹੀਦਾਂ ਗੁਰਦੁਆਰਾ ਬੂੰਗਾ ਸਾਹਿਬ ਦੇ ਸੇਵਾਦਾਰ ਬਾਬਾ ਸਤਨਾਮ ਸਿੰਘ, ਬਲਵੀਰ ਖਾਨ, ਸੂਬੇਦਾਰ ਰੋਸ਼ਨ ਲਾਲ ਦਾਨ, ਮਨਜੀਤ ਸਿੰਘ, ਬਾਬਾ ਗੁਰਦੀਪ ਸਿੰਘ ਚਨੋਲੀ ਗੁਰਮੀਤ ਸਿੰਘ ਮੋਠਾਪੁਰ ਬਲਵੀਰ ਸਿੰਘ ਮੁੰਨੇ ਭਜਨ ਸਿੰਘ ਜੱਟਪੁਰ ਸਮੇਤ ਕਿਰਤੀ ਕਿਸਾਨ ਮੋਰਚਾ ਦੇ ਵੱਖ-ਵੱਖ ਆਗੂਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਮੋਰਚਿਆਂ ਨਾਲ ਜੁੜੀਆਂ ਬੀਬੀਆਂ ਵੀ ਹਾਜ਼ਰ ਸਨ। ਚਾਰ ਘੰਟੇ ਦੇ ਚੱਕਾ ਜਾਮ ਦੌਰਾਨ ਐਂਬੂਲੈਂਸਾਂ, ਹਸਪਤਾਲਾਂ ਵਿੱਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੇ ਵਾਹਨਾਂ, ਕੀਰਤਪੁਰ ਸਾਹਿਬ ਵਿਖੇ ਅਸਥੀਆਂ ਲੈ ਕੇ ਜਾਣ ਵਾਲੇ ਵਾਹਨਾਂ ਅਤੇ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਆਵਾਜਾਈ ਲਈ ਛੋਟ ਦਿੱਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਕੀਰਤਪੁਰ ਸਾਹਿਬ ਥਾਣੇ ਦੇ ਮੁੱਖੀ ਰਾਹੁਲ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਤੇ ਟਰੈਫਿਕ ਪੁਲਿਸ ਦੀ ਸਹਾਇਤਾ ਨਾਲ ਆਵਾਜਾਈ ਅਤੇ ਸਥਿਤੀ ਨੂੰ ਕੰਟਰੋਲ ਵਿੱਚ ਰੱਖਿਆ ਗਿਆ।