ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਨਾਲ ਜੋੜਨਾ ਮੁੱਖ ਲੋੜ : ਵਿਧਾਇਕ ਚੱਢਾ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਵਿਧਾਇਕ ਚੱਢਾ
Publish Date: Sat, 22 Aug 2026 06:33 PM (IST)
Updated Date: Sat, 22 Aug 2026 06:36 PM (IST)
ਵਿਧਾਇਕ ਵੱਲੋਂ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇਂਦੇ ਨਾਲ ਕੀਤੀ ਭਰਵੀਂ ਮੀਟਿੰਗ ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਨੌਜਵਾਨ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਸਿੰਘਪੁਰ ਵਿਖੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਅਤੇ ਨੌਜਵਾਨ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਲਸਾੜੀ, ਗੋਪਾਲਪੁਰ, ਮਾਣਕੁਮਾਜਰਾ, ਗੱਦੀਵਾਲ, ਗੋਬਿੰਦਪੁਰ ਬੇਲਾ, ਸਿੰਘਪੁਰ, ਮੋਠਾਪੁਰ, ਟੇਡੇਵਾਲ ਅਤੇ ਝਿੰਜੜੀ ਸਮੇਤ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਨੌਜਵਾਨਾਂ ਵੱਲੋਂ ਆਪਣੇ ਪਿੰਡਾਂ ਨਾਲ ਸਬੰਧਤ ਸਮੱਸਿਆਵਾਂ, ਲੋੜਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਦੀਆਂ ਯੋਜਨਾਵਾਂ ਤਿਆਰ ਕਰਦੇ ਸਮੇਂ ਸਥਾਨਕ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਦੀ ਰਾਇ ਨੂੰ ਮਹੱਤਵ ਦੇਣਾ ਬਹੁਤ ਜ਼ਰੂਰੀ ਹੈ। ਨੌਜਵਾਨ ਆਪਣੇ ਖੇਤਰ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਲੋੜਾਂ ਨੂੰ ਨੇੜਿਓਂ ਸਮਝਦੇ ਹਨ, ਇਸ ਲਈ ਉਨ੍ਹਾਂ ਦੇ ਸੁਝਾਅ ਵਿਕਾਸ ਦੀ ਸਹੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਮੀਟਿੰਗ ਦੌਰਾਨ ਖੇਡ ਸਹੂਲਤਾਂ ਅਤੇ ਖੇਡ ਮੈਦਾਨਾਂ ਦੀ ਸਥਿਤੀ ਬਾਰੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਵਿਧਾਇਕ ਨੇ ਨੌਜਵਾਨਾਂ ਤੋਂ ਜਾਣਕਾਰੀ ਲਈ ਕਿ ਕਿਹੜੇ ਪਿੰਡਾਂ ਵਿੱਚ ਖੇਡ ਮੈਦਾਨ ਮੌਜੂਦ ਹਨ, ਕਿੱਥੇ ਨਵੇਂ ਗਰਾਊਂਡਾਂ ਦੀ ਲੋੜ ਹੈ ਅਤੇ ਮੌਜੂਦਾ ਖੇਡ ਮੈਦਾਨਾਂ ਵਿੱਚ ਕਿਹੜੀਆਂ ਸਹੂਲਤਾਂ ਦੀ ਘਾਟ ਹੈ। ਇਸ ਤੋਂ ਇਲਾਵਾ ਖਿਡਾਰੀਆਂ ਲਈ ਖੇਡ ਸਾਜ਼ੋ-ਸਾਮਾਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਸੁਝਾਅ ਵੀ ਲਏ ਗਏ। ਇਸ ਮੌਕੇ ਨੌਜਵਾਨਾਂ ਨਾਲ ਸਿੱਖਿਆ, ਰੁਜ਼ਗਾਰ, ਖੇਡਾਂ, ਨਸ਼ਿਆਂ ਤੋਂ ਬਚਾਅ, ਯੂਥ ਕਲੱਬਾਂ ਨੂੰ ਸਰਗਰਮ ਕਰਨ ਅਤੇ ਪਿੰਡ ਪੱਧਰ ’ਤੇ ਨੌਜਵਾਨਾਂ ਲਈ ਰਚਨਾਤਮਕ ਗਤੀਵਿਧੀਆਂ ਵਧਾਉਣ ਬਾਰੇ ਵੀ ਚਰਚਾ ਹੋਈ। ਨੌਜਵਾਨਾਂ ਨੇ ਆਪਣੇ ਇਲਾਕੇ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਦੇ ਸਾਹਮਣੇ ਰੱਖੀਆਂ। ਵਿਧਾਇਕ ਚੱਢਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਬਿਹਤਰ ਸਹੂਲਤਾਂ ਮਿਲਣ ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਨੌਜਵਾਨਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਚੇਤਨ ਕਾਲੀਆ, ਸੰਮਤੀ ਉਪ ਚੇਅਰਮੈਨ ਰਾਮ ਪ੍ਰਤਾਪ ਤਾਰੀ, ਯੂਥ ਪ੍ਰਧਾਨ ਗੁਰਮੁਖ ਸਿੰਘ, ਬਲਵੀਰ ਟੇਢੇਵਾਲ, ਨਰਿੰਦਰ ਝਾਂਡੀਆਂ, ਗੁਰਦੀਪ ਸਿੰਘ ਮੂਸਾਪੁਰ, ਬਾਦਲ ਮੂਸਾਪੁਰ , ਅਜਮੇਰ ਸਿੰਘ ਅਸਮਾਨਪੁਰ ਤੇ ਵੱਡੀ ਗਿਣਤੀ ਵਿੱਚ ਯੂਥ ਕਲੱਬਾਂ ਦੇ ਨੌਜਵਾਨ ਹਾਜ਼ਰ ਸਨ।