ਰਤਨ ਕੁਮਾਰ ਧਨੇੜਾ ਦੂਜੀ ਵਾਰ ਬਣੇ ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਦੂਜੀ ਵਾਰ ਬਣੇ ਭਾਜਪਾ ਮੰਡਲ ਪ੍ਰਧਾਨ
Publish Date: Mon, 24 Aug 2026 05:14 PM (IST)
Updated Date: Mon, 24 Aug 2026 05:15 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਵੱਲੋਂ ਰਤਨ ਕੁਮਾਰ ਧਨੇੜਾ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਮੰਡਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸਰਗਰਮੀਆਂ, ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦਿਆਂ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਤੋਂ ਰਤਨ ਕੁਮਾਰ ਧਨੇੜਾ ਨੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ, ਉਸ ਸਮੇਂ ਤੋਂ ਉਨ੍ਹਾਂ ਵੱਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਗਏ ਅਤੇ ਪਾਰਟੀ ਦੀਆਂ ਨੀਤੀਆਂ ’ਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮਾਂ ਚਲਾਈਆਂ ਗਈਆਂ। ਰਤਨ ਕੁਮਾਰ ਧਨੇੜਾ ਵੱਲੋਂ ਪਾਰਟੀ ਦੇ ਹਰ ਪ੍ਰੋਗਰਾਮ ਵਿੱਚ ਖੁਦ ਅੱਗੇ ਹੋ ਕੇ ਭੂਮਿਕਾ ਨਿਭਾਉਣ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਭਾਜਪਾ ਦੀਆਂ ਸਰਗਰਮੀਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨਾਲ ਨਵੇਂ ਲੋਕਾਂ ਦੇ ਜੁੜਨ ਨੂੰ ਵੀ ਪਾਰਟੀ ਦੇ ਮਜ਼ਬੂਤ ਹੁੰਦੇ ਆਧਾਰ ਵਜੋਂ ਦੇਖਿਆ ਜਾ ਰਿਹਾ ਹੈ। ਦੂਜੀ ਵਾਰ ਮੰਡਲ ਪ੍ਰਧਾਨ ਦੀ ਸੇਵਾ ਮਿਲਣ ’ਤੇ ਰਤਨ ਕੁਮਾਰ ਧਨੇੜਾ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪਹਿਲਾਂ ਨਾਲੋਂ ਵੀ ਵਧੇਰੇ ਮਿਹਨਤ ਕਰਨਗੇ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸੇਵਾ ਦਾ ਮੌਕਾ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਦੇ ਰਹਿਣਗੇ। ਰਤਨ ਕੁਮਾਰ ਧਨੇੜਾ ਨੂੰ ਦੂਜੀ ਵਾਰ ਮੰਡਲ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਅਮਰ ਸੋਢੀ, ਸਤਵਿੰਦਰ ਸਿੰਘ, ਪ੍ਰਦੀਪ ਕੋਟਲਾ, ਦਲਜੀਤ ਸਿੰਘ, ਭੁਪਿੰਦਰ ਸਿੰਘ, ਮਹਿੰਦਰ ਪਾਲ, ਧਰਮਪਾਲ ਅਤੇ ਸਾਬਕਾ ਸਰਪੰਚ ਜੀਤ ਰਾਮ ਸਮੇਤ ਹੋਰ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੋਰ ਮਜ਼ਬੂਤ ਹੋਵੇਗੀ।