ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਤੇਜ਼, 26 ਤੋਂ ਰੈਲੀਆਂ ਮੁੜ ਸ਼ੁਰੂ : ਡਾ. ਚੀਮਾ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਤੇਜ਼
Publish Date: Mon, 24 Aug 2026 06:21 PM (IST)
Updated Date: Mon, 24 Aug 2026 06:24 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਅਤੇ ਅਹੁਦਿਆਂ ਲਈ ਅੱਜ ਸਾਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪਾਰਟੀ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਚੜ੍ਹਦੀ ਕਲਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਜਾਨਲੇਵਾ ਹਮਲੇ ਵਿੱਚੋਂ ਵਾਲ-ਵਾਲ ਬਚਣ ਉਪਰੰਤ ਸੁਖਬੀਰ ਸਿੰਘ ਬਾਦਲ ਭਲਕੇ ਬਾਅਦ ਦੁਪਹਿਰ 3 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਨੂੰ ਮੁੜ ਤੇਜ਼ ਕੀਤਾ ਜਾ ਰਿਹਾ ਹੈ। ਇਸ ਤਹਿਤ 26 ਅਗਸਤ ਨੂੰ ਮਲੋਟ ਵਿਖੇ ‘ਪੰਜਾਬ ਬਚਾਓ’ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ 28 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਇਤਿਹਾਸਕ ਕਾਨਫਰੰਸ ਅਤੇ 30 ਅਗਸਤ ਨੂੰ ਘਨੌਰ ਵਿਖੇ ‘ਪੰਜਾਬ ਬਚਾਓ’ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀਆਂ ਦਾ ਇਹ ਸਿਲਸਿਲਾ ਅੱਗੇ ਵੀ ਲਗਾਤਾਰ ਜਾਰੀ ਰਹੇਗਾ। . ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਰਿਹਾ ‘ਮੀਰੀ-ਪੀਰੀ ਖਾਲਸਾ ਮਾਰਚ’ 3 ਅਤੇ 4 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਪਹੁੰਚ ਰਿਹਾ ਹੈ। ਇਸ ਸਬੰਧੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਮਾਰਚ ਸਵੇਰੇ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਬੇਲਾ ਰੋਡ ਰਾਹੀਂ ਰੂਪਨਗਰ ਵਿੱਚ ਦਾਖ਼ਲ ਹੋਵੇਗਾ। ਬੇਲਾ ਚੌਕ ਸਮੇਤ ਵੱਖ-ਵੱਖ ਪਿੰਡਾਂ ਵਿੱਚ ਸਵਾਗਤ ਤੋਂ ਬਾਅਦ ਰਾਤ ਦਾ ਵਿਸ਼ਰਾਮ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਵੇਗਾ। 4 ਅਗਸਤ ਨੂੰ ਸਵੇਰੇ 9 ਵਜੇ ਮਾਰਚ ਮੁੜ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਦੇ ਰਸਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਤਿੱਖਾ ਹਮਲਾ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਕਾਰਨ 10 ਤੋਂ ਵੱਧ ਮੌਤਾਂ ਹੋਣ ਦੇ ਬਾਵਜੂਦ ਸਰਕਾਰ ਟੀਵੀ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਚੰਡੀਗੜ੍ਹ ਵਿੱਚੋਂ ਆਰ.ਡੀ.ਐਕਸ. ਬਰਾਮਦ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪੰਜਾਬ ਵਿੱਚ ਲਗਾਤਾਰ ਆ ਰਹੇ ਹਨ, ਪਰ ਸਰਕਾਰ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਧਿਆਨ ਦੇਣ ਦੀ ਬਜਾਏ ‘ਡਰਾਮੇਬਾਜ਼ੀ’ ਵਿੱਚ ਲੱਗੀ ਹੋਈ ਹੈ। ਸੂਬੇ ਦੀ ਆਰਥਿਕ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵੱਡੇ ਕਰਜ਼ੇ ਹੇਠ ਦੱਬ ਚੁੱਕਾ ਹੈ। ਮੁਲਾਜ਼ਮਾਂ ਦੇ ਡੀ.ਏ. ਦੇ ਬਕਾਏ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਹੁਕਮਾਂ ਅਤੇ ਮਾਣਹਾਨੀ ਦੇ ਮੁਕੱਦਮਿਆਂ ਦੇ ਬਾਵਜੂਦ ਸਰਕਾਰ ਆਪਣੇ ਰੁਖ ਤੋਂ ਪਿੱਛੇ ਨਹੀਂ ਹਟ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਹੱਕਾਂ ਦੀ ਮੰਗ ਕਰਨ ਲਈ ਮੁੱਖ ਮੰਤਰੀ ਦੇ ਪਿੰਡ ਪਹੁੰਚਣ ਵਾਲੇ ਮੁਲਾਜ਼ਮਾਂ, ਔਰਤਾਂ ਅਤੇ ਹੋਰ ਵਰਗਾਂ ਨਾਲ ਪਾਣੀ ਦੀਆਂ ਵਾਛੜਾਂ ਅਤੇ ਡਾਂਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਸੂਬੇ ਦਾ ਪ੍ਰਸ਼ਾਸਨਿਕ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਹੀ ਫ਼ੈਸਲਾ ਕਰਨਾ ਹੈ ਕਿ ਸੂਬੇ ਨੂੰ ਮੌਜੂਦਾ ਹਾਲਾਤ ਵਿੱਚੋਂ ਕਿਵੇਂ ਬਚਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਕਾਲੀ ਦਲ ਦੇ ਜਿਲਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਪੰਜਾਬ ਦੇ ਨਵ ਨਿਯੁਕਤ ਮੀਤ ਪ੍ਰਧਾਨ ਮੋਹਨ ਸਿੰਘ ਡੂਮੇਵਾਲ, ਹਲਕਾ ਪ੍ਰਧਾਨ ਹਰਦੀਪ ਕੌਰ ਕੋਟਲਾ,ਬੀਬੀ ਚਰਨਜੀਤ ਕੌਰ ਹਲਕਾ ਰੋਪੜ੍ਹ,ਜਸਵਿੰਦਰ ਕੌਰ ਸੱਗੂ, ਵਪਾਰ ਵਿੰਗ ਪ੍ਰਧਾਨ ਦਵਿੰਦਰ ਸਿੰਘ ਰਾਣਾ, ਸੁਖਇੰਦਰ ਸਿੰਘ ਬੌਬੀ ਬੋਲਾ, ਸੁਰਿੰਦਰ ਸਿੰਘ ਮਟੋਰ, ਬੋਬੀ ਬਹਾਦਰਪੁਰੀਆ, ਦਲਜੀਤ ਸਿੰਘ ਭੁੱਟੋ, ਕਰਮ ਸਿੰਘ ਮੈਨੇਜਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਨਵੇਂ ਚੁਣੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।