ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਗੰਭੀਰਤਾ ਨਾਲ ਹੱਲ ਕਰੇ : ਸ਼ੇਰਾ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਗੰਭੀਰਤਾ ਨਾਲ ਹੱਲ ਕਰੇ: ਸ਼ੇਰਾ
Publish Date: Sat, 29 Aug 2026 04:13 PM (IST)
Updated Date: Sat, 29 Aug 2026 04:16 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਗੰਭੀਰਤਾ ਨਾਲ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਤੋਂ ਪਾਸਾ ਵੱਟਣਾ ਤਰਕਸੰਗਤ ਨਹੀਂ ਹੈ। ਸਰਕਾਰ ਨੂੰ ਚਲਾਉਣ ਅਤੇ ਉਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ। ਸ਼ਮਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ ਸਾਢੇ ਚਾਰ ਲੱਖ ਮੁਲਾਜ਼ਮ ਅਤੇ ਤਿੰਨ ਲੱਖ ਦੇ ਕਰੀਬ ਪੈਨਸ਼ਨਰ ਹਨ। ਜੇ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਦੇਸ਼ ਦਾ ਭਵਿੱਖ ਸਿਰਜਣ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ ਅਤੇ ਯਾਤਰਾਵਾਂ ’ਤੇ ਖਰਚ ਕਰ ਰਹੀ ਹੈ, ਪਰ ਮੁਲਾਜ਼ਮਾਂ ਦੇ ਡੀਏ ਸਮੇਤ ਹੋਰ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਇਸ ਮੌਕੇ ਜੈਮਲ ਸਿੰਘ ਭੜੀ, ਮਾਸਟਰ ਹਰਦਿਆਲ ਸਿੰਘ, ਚਰਨਜੀਤ ਸਿੰਘ ਜੌੜਾ ਨੰਗਲ, ਸੁਰਜੀਤ ਸਿੰਘ ਚਹਿੜ ਮਜਾਰਾ ਅਤੇ ਰਣਜੀਤ ਸਿੰਘ ਬਸੀ ਹਾਜ਼ਰ ਸਨ।