ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਤੀ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਤੀ ਅਰਦਾਸ
Publish Date: Sat, 29 Aug 2026 06:13 PM (IST)
Updated Date: Sat, 29 Aug 2026 06:16 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ ਪਟਿਆਲਾ ਦੇ ਯੋਗ ਪ੍ਰਬੰਧ ਅਧੀਨ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਅਰਦਾਸ ਦੌਰਾਨ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਅਤੇ ਸ਼ਰਧਾਮਈ ਬਣਿਆ ਰਿਹਾ। ਅੰਤ ਵਿੱਚ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਦੇ ਹਨ।