ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਨੇ ਜਤਾਇਆ ਰੋਸ ਮੁੱਖ ਮੰਤਰੀ ਦੇ ਟਵੀਟ ’ਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਨੇ ਜਤਾਇਆ ਰੋਸ
Publish Date: Sat, 29 Aug 2026 06:16 PM (IST)
Updated Date: Sat, 29 Aug 2026 06:19 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪੰਜਾਬ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਤਾਲਮੇਲ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਡੋਲੀਆਂ, ਬਲਾਕ ਤਖ਼ਤਗੜ੍ਹ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਠੋਸ ਫੈਸਲਾ ਨਾ ਲਏ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਕੂਲ ਬੰਦ ਕਰਦਿਆਂ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ਖ਼ਿਲਾਫ਼ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਟਵੀਟ ਅਤੇ ਧਮਕੀ ਭਰੇ ਪੱਤਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਬਜਾਏ ਦਬਾਅ ਬਣਾਉਣ ਦੀ ਕੋਸ਼ਿਸ਼ ਨੂੰ ਦਰਸਾਉਂਦੇ ਹਨ। ਪੰਜਾਬ ਦੇ ਅਧਿਆਪਕ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਪਣੀਆਂ ਮੰਗਾਂ ਲਈ ਜਥੇਬੰਦਕ ਤੌਰ ’ਤੇ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਇਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 18 ਫੀਸਦੀ ਡੀ.ਏ. ਦੇਣਾ, 17/07/2020 ਅਤੇ 15/01/2015 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕਰਨਾ, ਪੈਨਸ਼ਨਰਾਂ ਨੂੰ 2.59 ਦੇ ਗੁਣਾਕ ਨਾਲ ਬਕਾਏ ਦੇਣਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਮੰਗਾਂ ਸ਼ਾਮਲ ਹਨ। ਇਸ ਮੌਕੇ ਮਾਸਟਰ ਰੂਪ ਚੰਦ, ਮੈਡਮ ਬੰਦਨਾ ਰਾਣੀ, ਮੈਡਮ ਜਸਕਮਲ ਕੌਰ, ਕੁਲਵਿੰਦਰ ਕੌਰ, ਐਗਨਸ ਸਮੇਤ ਹੋਰ ਅਧਿਆਪਕ ਹਾਜ਼ਰ ਸਨ।