ਪੇਵਰ ਲਗਾਉਣ ਦੇ ਕੰਮ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ੁਰੂਆਤ ਪੇਵਰ ਲਗਾਉਣ ਦੇ ਕੰਮ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ੁਰੂਆਤ
Publish Date: Fri, 04 Sep 2026 06:46 PM (IST)
Updated Date: Fri, 04 Sep 2026 06:49 PM (IST)
15 ਸਾਲਾਂ ਬਾਅਦ ਬਣੇਗੀ ਸੜਕ, ਚੌੜਾਈ ਦੇ ਨਾਲ ਕਰਵਾਇਆ ਜਾਵੇਗਾ ਸੁੰਦਰੀਕਰਨ ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਆਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ 10 ਵਿਖੇ ਖਵਾਜਾ ਪੀਰ ਮੰਦਿਰ ਨੂੰ ਜਾਂਦੀ ਸੜਕ ਦੇ ਨਾਲ ਪੇਵਰ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਨੰਗਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ ਅਤੇ ਹੋਰ ਜਨਤਕ ਸੁਵਿਧਾਵਾਂ ਨੂੰ ਸੁਚੱਜੇ ਢੰਗ ਨਾਲ ਵਿਕਸਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਬਜ਼ੀ ਮੰਡੀ ਰੋਡ ਲਗਭਗ 15 ਸਾਲਾਂ ਬਾਅਦ ਮੁੜ ਬਣਨ ਜਾ ਰਹੀ ਹੈ। ਇਸ ਸੜਕ ਨੂੰ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਮੱਦੇਨਜ਼ਰ ਨਵੀਂ ਦਿੱਖ ਦਿੱਤੀ ਜਾਵੇਗੀ। ਸੜਕ ਦੀ ਲੋੜ ਅਨੁਸਾਰ ਚੌੜਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ-ਨਾਲ ਸੁੰਦਰੀਕਰਨ ਦੇ ਕੰਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੜਕ ਦੇ ਨਵੀਨੀਕਰਨ ਨਾਲ ਆਵਾਜਾਈ ਵਿਵਸਥਾ ਹੋਰ ਸੁਚਾਰੂ ਹੋਵੇਗੀ ਅਤੇ ਇਲਾਕੇ ਦੀ ਸਮੁੱਚੀ ਦਿੱਖ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੌਰਾਨ ਨਿਕਾਸੀ ਪ੍ਰਬੰਧਾਂ, ਪੈਦਲ ਆਵਾਜਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸੜਕਾਂ ਬਣਾਉਣਾ ਹੀ ਨਹੀਂ, ਸਗੋਂ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਲੋਕਾਂ ਲਈ ਸੁਵਿਧਾਜਨਕ ਬਣਾਉਣਾ ਹੈ। ਉਨ੍ਹਾਂ ਸਥਾਨਕ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ। ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਸੜਕ ਦੇ ਨਿਰਮਾਣ ਅਤੇ ਚੌੜਾਈ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕੈਬਨਿਟ ਮੰਤਰੀ ਵੱਲੋਂ ਇਲਾਕੇ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਚੇਅਰਮੈਨ ਨਗਰ ਕੌਂਸਲ ਕਿਰਨ ਬਾਲਾ, ਐਵੋਕੇਟ ਨਿਸ਼ਾਂਤ ਗੁਪਤਾ, ਵਿੱਕੀ ਮਹਿਤਾ, ਸੰਜੀਵ ਕੁਮਾਰ ਐਡਵੋਕੇਟ, ਮੋਨਿਕਾ, ਰਾਜ, ਪੂਜਾ, ਡਾਕਟਰ ਜਤਿੰਦਰ ਕੁਮਾਰ, ਜੂਨੀਅਰ ਇੰਜੀਨੀਅਰ ਰਕੇਸ਼ ਜੋਸ਼ੀ ਹਾਜ਼ਰ ਸਨ।