ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਕੈਬਨਿਟ ਮੰਤਰੀ ਪਿੰਡ ਸਜਮੌਰ ਦੇ ਗਰਾਊਂਡ ਨੂੰ ਆਧੁਨਿਕ ਸਹੂਲਤਾਂ ਨਾਲ ਕੀਤਾ ਜਾਵੇਗਾ ਅਪਗ੍ਰੇਡ: ਹਰਜੋਤ ਸਿੰਘ ਬੈਂਸ
Publish Date: Sat, 05 Sep 2026 05:25 PM (IST)
Updated Date: Sat, 05 Sep 2026 05:28 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਸਜਮੌਰ ਵਿਖੇ ਸਥਿਤ ਖੇਡ ਗਰਾਊਂਡ ਦਾ ਦੌਰਾ ਕਰਕੇ ਉੱਥੇ ਉਪਲਬਧ ਖੇਡ ਸਹੂਲਤਾਂ ਅਤੇ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਗਰਾਊਂਡ ਦਾ ਮੁਆਇਨਾ ਕਰਦਿਆਂ ਖਿਡਾਰੀਆਂ ਤੇ ਨੌਜਵਾਨਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਸਜਮੌਰ ਦੇ ਇਸ ਗਰਾਊਂਡ ਨੂੰ ਹੋਰ ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਰਾਊਂਡ ਦੇ ਵਿਕਾਸ ਦਾ ਮਕਸਦ ਇਲਾਕੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਅਜਿਹਾ ਸੁਚੱਜਾ ਖੇਡ ਮਾਹੌਲ ਮੁਹੱਈਆ ਕਰਵਾਉਣਾ ਹੈ, ਜਿੱਥੇ ਉਹ ਨਿਯਮਤ ਤੌਰ ’ਤੇ ਅਭਿਆਸ ਕਰ ਸਕਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਵਿਕਾਸ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਊਰਜਾ ਸਹੀ ਦਿਸ਼ਾ ਵਿੱਚ ਲਗਾਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਗਰਾਊਂਡ ਦੇ ਵਿਕਾਸ ਨਾਲ ਸਬੰਧਤ ਲੋੜੀਂਦੇ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਵਿੱਚ ਸਥਾਨਕ ਨੌਜਵਾਨਾਂ ਅਤੇ ਖਿਡਾਰੀਆਂ ਦੀਆਂ ਲੋੜਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ, ਤਾਂ ਜੋ ਤਿਆਰ ਹੋਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਇਲਾਕਾ ਵਾਸੀਆਂ ਨੂੰ ਮਿਲ ਸਕੇ।