- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਹਣੀ ਅੱਪਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਕੀਤੀਆਂ ਹੱਲ : ਹਰਜੋਤ ਬੈਂਸ

ਨਰਿੰਦਰ ਸੈਣੀ, ਪੰਜਾਬੀ ਜਾਗਰਣ,
ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਦੇਹਣੀ ਅੱਪਰ ਵਿਖੇ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਬੈਂਸ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਹੀ ਪਿੰਡ ਵਿੱਚ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਹੈ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਇਸ ਨਾਲ ਪਿੰਡ ਵਿੱਚ ਹੋਰ ਜ਼ਰੂਰੀ ਕੰਮਾਂ ਨੂੰ ਗਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਵਾਤਾਵਰਣ, ਵਧੀਆ ਸੜਕਾਂ, ਸੀਵਰੇਜ, ਪੀਣ ਵਾਲਾ ਸਾਫ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਹਰ ਨਾਗਰਿਕ ਦਾ ਹੱਕ ਹਨ ਅਤੇ ਸਰਕਾਰ ਇਨ੍ਹਾਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰਵਾਜ਼ੇ ’ਤੇ ਸੁਣ ਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਦੇਹਣੀ ਅੱਪਰ ਦੇ ਵਿਕਾਸ ਨਾਲ ਸਬੰਧਤ ਬਾਕੀ ਰਹਿੰਦੇ ਜਾਇਜ਼ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।