- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਸਾਖਰਤਾ ਦਿਵਸ: ਸਿੱਖਿਆ ਹੀ ਸਮਾਜ ਦੀ ਅਸਲ ਤਾਕਤ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ,
ਸ੍ਰੀ ਅਨੰਦਪੁਰ ਸਾਹਿਬ : ਸਿੱਖਿਆ ਮਨੁੱਖ ਦੇ ਜੀਵਨ ਨੂੰ ਬਦਲਣ ਦੇ ਨਾਲ-ਨਾਲ ਸਮਾਜ ਦੀ ਦਿਸ਼ਾ ਤੇ ਦਸ਼ਾ ਬਦਲਣ ਦੀ ਸਮਰੱਥਾ ਰੱਖਦੀ ਹੈ। ਹਰ ਸਾਲ 8 ਸਤੰਬਰ ਨੂੰ ਮਨਾਇਆ ਜਾਣ ਵਾਲਾ ਵਿਸ਼ਵ ਸਾਖਰਤਾ ਦਿਵਸ ਸਾਨੂੰ ਇਸ ਗੱਲ ਦਾ ਅਹਿਸਾਸ ਕਰਵਾਉਂਦਾ ਹੈ ਕਿ ਪੜ੍ਹਨਾ-ਲਿਖਣਾ ਸਿਰਫ਼ ਕਿਤਾਬੀ ਗਿਆਨ ਹਾਸਲ ਕਰਨਾ ਨਹੀਂ, ਸਗੋਂ ਆਪਣੇ ਹੱਕਾਂ, ਫਰਜ਼ਾਂ ਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਸਾਧਨ ਵੀ ਹੈ।
ਸ਼ਹਿਰ ਦੇ ਸਭ ਤੋਂ ਪੁਰਾਣੇ ’ਤੇ ਪ੍ਰਸਿੱਧ ਐੱਸਜੀਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਪਾਸ ਕਰਨ ਲਈ ਨਹੀਂ, ਬਲਕਿ ਇਕ ਚੰਗਾ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਤਕਨੀਕੀ ਗਿਆਨ, ਨੈਤਿਕ ਕਦਰਾਂ-ਕੀਮਤਾਂ ਤੇ ਸਹੀ-ਗਲਤ ਦੀ ਪਰਖ ਕਰਨ ਦੀ ਸਮਰੱਥਾ ਦੇਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਅਧਿਆਪਕ ਅਤੇ ਮਾਪੇ ਮਿਲ ਕੇ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਬਣਾ ਸਕਦੇ ਹਨ।
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਨੇ ਕਿਹਾ ਕਿ ਉੱਚ ਸਿੱਖਿਆ ਦਾ ਮਕਸਦ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ ਹੋਣਾ ਚਾਹੀਦਾ। ਵਿਦਿਆਰਥੀਆਂ ਵਿਚ ਸੋਚਣ, ਸਵਾਲ ਕਰਨ ਤੇ ਸਮਾਜ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਯੋਗਤਾ ਪੈਦਾ ਕਰਨਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਵਿਅਕਤੀ ਸਿੱਖਿਅਤ ਹੁੰਦਾ ਹੈ ਤਾਂ ਇਸ ਦਾ ਪ੍ਰਭਾਵ ਸਿਰਫ਼ ਉਸ ਦੀ ਆਪਣੀ ਜ਼ਿੰਦਗੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਇਸ ਦਾ ਲਾਭ ਮਿਲਦਾ ਹੈ।
ਸਰਕਾਰੀ ਮਟੋਰ ਸਕੂਲ ਦੇ ਮੁੱਖ ਅਧਿਆਪਕ ਗੁਰ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਧਿਆਪਕਾਂ, ਮਾਪਿਆਂ ਤੇ ਸਮਾਜ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਹਰ ਬੱਚੇ ਤੱਕ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣਾ ਹੀ ਸਾਖਰਤਾ ਦਿਵਸ ਦੀ ਅਸਲ ਭਾਵਨਾ ਹੈ।