ਹਰਜੋਤ ਬੈਂਸ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨੰਗਲ ’ਚ ‘ਸਫ਼ਾਈ ਮੁਹਿੰਮ 2.0’ ਲਗਾਤਾਰ ਜਾਰੀ ਹਰਜੋਤ ਬੈਂਸ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨੰਗਲ ਵਿੱਚ ‘ਸਫਾਈ ਮੁਹਿੰਮ 2.0’ ਲਗਾਤਾਰ ਜਾਰੀ
Publish Date: Wed, 09 Sep 2026 05:22 PM (IST)
Updated Date: Wed, 09 Sep 2026 05:22 PM (IST)
ਨੰਗਲ ’ਚ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚ ਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਕਰ ਰਹੇ ਹਨ ਸਮੱਸਿਆਵਾਂ ਹੱਲ ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਸਫਾਈ ਮੁਹਿੰਮ 2.0’ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ- 5 ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਗੰਦਗੀ ਜਾਂ ਕੂੜੇ ਦੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਾਰਡ ਨੰਬਰ-5 ਦਾ ਕੋਨਾ-ਕੋਨਾ ਲਿਸ਼ਕਾਇਆ ਜਾਵੇਗਾ। ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਫਾਈ ਸਿਰਫ਼ ਇੱਕ ਦਿਨ ਜਾਂ ਕੁਝ ਦਿਨਾਂ ਦੀ ਮੁਹਿੰਮ ਨਹੀਂ, ਸਗੋਂ ਇਸ ਨੂੰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੌਕੇ ’ਤੇ ਹੀ ਵੱਖ-ਵੱਖ ਥਾਵਾਂ ’ਤੇ ਸਫਾਈ ਦੀ ਸਥਿਤੀ ਦੀ ਜਾਂਚ ਕੀਤੀ ਅਤੇ ਜਿੱਥੇ ਵੀ ਕੋਈ ਕਮੀ ਨਜ਼ਰ ਆਈ, ਉਸ ਨੂੰ ਤੁਰੰਤ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਉਹ ਸਿਰਫ਼ ਦਫ਼ਤਰਾਂ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਖੁੱਦ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਅਤੇ ਹੱਲ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਨਾਲ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਸਹੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਦਾ ਹੱਲ ਵੀ ਤੇਜ਼ੀ ਨਾਲ ਕੀਤਾ ਜਾ ਸਕਦਾ ਹੈ। ਵਾਰਡ ਵਾਸੀਆਂ ਨੇ ਵੀ ਮੰਤਰੀ ਬੈਂਸ ਵੱਲੋਂ ਖੁੱਦ ਮੌਕੇ ’ਤੇ ਪਹੁੰਚ ਕੇ ਸਫਾਈ ਅਤੇ ਹੋਰ ਲੋਕ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੀ ਸ਼ਲਾਘਾ ਕੀਤੀ। ਹਰਜੋਤ ਬੈਂਸ ਨੇ ਕਿਹਾ ਕਿ ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰੀ ਤੰਤਰ ਦੇ ਨਾਲ-ਨਾਲ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਕੂੜਾ ਨਾ ਖਿਲਾਰਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਨੰਗਲ ਨੂੰ ਹੋਰ ਵੀ ਸੁੰਦਰ ਅਤੇ ਸਾਫ਼ ਸ਼ਹਿਰ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਫਾਈ ਕਰਮਚਾਰੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨੰਗਲ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਖੁੱਦ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ ਕਰਨ ਦੀ ਲੋਕਾਂ ਵੱਲੋਂ ਚਹੁੰ ਪਾਸਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਬੈਂਸ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਵੀ ਜ਼ਿੰਮੇਵਾਰੀ ਦੀ ਭਾਵਨਾ ਵਧੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਸਫਾਈ ਮੁਹਿੰਮ 2.0’ ਦਾ ਮਕਸਦ ਨੰਗਲ ਦੇ ਹਰ ਵਾਰਡ ਨੂੰ ਸਾਫ਼-ਸੁਥਰਾ ਬਣਾਉਣਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਤੱਕ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।