ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਸਪਾਲਵਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Publish Date: Wed, 09 Sep 2026 05:40 PM (IST)
Updated Date: Wed, 09 Sep 2026 05:40 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਪਿੰਡ ਸਪਾਲਵਾਂ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਨਿੱਜੀ ਅਤੇ ਪਿੰਡ ਨਾਲ ਸਬੰਧਤ ਸਾਂਝੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਨਿਪਟਾਰਾ ਕਰਵਾਇਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋਕ ਭਲਾਈ ਨਾਲ ਜੁੜੇ ਮੁੱਦੇ ਵਿਧਾਇਕ ਦੇ ਸਾਹਮਣੇ ਰੱਖੇ ਗਏ। ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਿਹੜੇ ਮਸਲੇ ਤੁਰੰਤ ਹੱਲ ਹੋ ਸਕਦੇ ਹਨ, ਉਨ੍ਹਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਰਾਂਟ ਦੀ ਵਰਤੋਂ ਪਿੰਡ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਸਹੂਲਤ ਮਿਲੇਗੀ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰਹੇ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਕੰਮ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨਾ ਲੋਕ ਨੁਮਾਇੰਦੇ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਬਲਾਕ ਸੰਮਤੀ ਚੇਅਰਮੈਨ ਸੁਨੀਤਾ ਦੇਵੀ, ਮਨਜੀਤ ਸਿੰਘ ਸੀਨੀਅਰ ਆਪ ਆਗੂ, ਸਰਪੰਚ ਕਿਸ਼ੋਰ ਭਾਟੀਆ, ਮਾਸਟਰ ਬਲਵਿੰਦਰ ਬਿੰਦੂ, ਬਹਾਦਰ ਸਿੰਘ ਸ਼ੌਂਕੀ, ਹਨੀ ਬੂਥਗੜ੍ਹ, ਚੌਧਰੀ ਬਲਵੀਰ ਟੇਡੇਵਾਲ ਅਤੇ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।