20 ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਪਿੰਡ ਬਰਮਲਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ 20 ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਪਿੰਡ ਬਰਮਲਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ
Publish Date: Thu, 10 Sep 2026 05:24 PM (IST)
Updated Date: Thu, 10 Sep 2026 05:25 PM (IST)
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨਵੇਂ ਬੋਰ ਦਾ ਕੀਤਾ ਉਦਘਾਟਨ, ਘਰਾਂ ਤੱਕ ਪਹੁੰਚੇਗਾ ਪੀਣ ਵਾਲਾ ਪਾਣੀ ਪੰਜਾਬੀ ਜਾਗਰਣ ਟੀਮ, ਨੰਗਲ : ਪਿੰਡ ਬਰਮਲਾ (ਵਾਰਡ ਨੰ:1) ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਪਾਣੀ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿੰਡ ਵਾਸੀਆਂ ਦੀ ਲਗਭਗ 20 ਸਾਲ ਪੁਰਾਣੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ’ਚ ਨਵਾਂ ਬੋਰ ਕਰਵਾਉਣ ਦਾ ਕੰਮ ਕਰਵਾਇਆ ਗਿਆ। ਬੋਰ ਸਫਲ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਲੋਕਾਂ ਨੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਹਰਜੋਤ ਬੈਂਸ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਕਾਰਨ ਪਿੰਡ ਵਿੱਚ ਨਗਰ ਕੌਂਸਲ ਵੱਲੋਂ ਰੋਜ਼ਾਨਾ 3 ਤੋਂ 4 ਪਾਣੀ ਦੇ ਟੈਂਕਰ ਭੇਜਣੇ ਪੈਂਦੇ ਸਨ, ਤਾਂ ਜੋ ਲੋਕਾਂ ਦੀ ਪਾਣੀ ਦੀ ਲੋੜ ਪੂਰੀ ਕੀਤੀ ਜਾ ਸਕੇ। ਹੁਣ ਨਵੇਂ ਬੋਰ ਦੇ ਸਫਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਨੂੰ ਟੈਂਕਰਾਂ ਰਾਹੀਂ ਪਾਣੀ ਮੰਗਵਾਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਪਹਿਲਾਂ ਵੀ ਦੋ ਥਾਵਾਂ ’ਤੇ ਬੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਦੋਵੇਂ ਯਤਨ ਸਫਲ ਨਹੀਂ ਹੋ ਸਕੇ। ਇਸ ਤੋਂ ਬਾਅਦ ਤੀਜੀ ਥਾਂ ’ਤੇ ਬੋਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ, ਜੋ ਸਫਲ ਰਿਹਾ। ਉਨ੍ਹਾਂ ਕਿਹਾ ਕਿ ਇਹ ਕੰਮ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਹਰ ਘਰ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲੋੜ ਅਨੁਸਾਰ ਹੋਰ ਵੀ ਕੰਮ ਕੀਤੇ ਜਾਣਗੇ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਦੇ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਲੋਕ ਮਿਲਣੀ ਵੀ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਲੋਕਾਂ ਨੇ ਪਾਣੀ ਦੀ ਸਮੱਸਿਆ ਦੇ ਹੱਲ ਸਮੇਤ ਪਿੰਡ ਨਾਲ ਸਬੰਧਤ ਹੋਰ ਮਸਲੇ ਵੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਬੈਂਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਪਾਣੀ ਦੀ ਸਮੱਸਿਆ ਉਨ੍ਹਾਂ ਲਈ ਲਗਭਗ ਦੋ ਦਹਾਕਿਆਂ ਤੋਂ ਵੱਡੀ ਚਿੰਤਾ ਬਣੀ ਹੋਈ ਸੀ ਅਤੇ ਰੋਜ਼ਾਨਾ ਟੈਂਕਰਾਂ ’ਤੇ ਨਿਰਭਰ ਰਹਿਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਨਵੇਂ ਬੋਰ ਦੇ ਚਾਲੂ ਹੋਣ ਨਾਲ ਹੁਣ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਲੋਕਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਵਾਉਣ ਲਈ ਕੀਤੇ ਗਏ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਕਿਰਨ ਬਾਲਾ ਪ੍ਰਧਾਨ ਨਗਰ ਕੌਂਸਲ ਨੰਗਲ, ਸੁਮਿਤ ਅਗਨੀ ਸੰਦਲ, ਦਿਲਬਾਗ ਸਿੰਘ ਚੰਦੇਲ, ਸਰਪੰਚ ਅਮਰੀਕ ਸਿੰਘ, ਜਗੀਰੀ ਲਾਲ, ਦਰਸ਼ਨ ਸਿੰਘ, ਜਨਕਰਾਜ, ਜੱਸਾ, ਜਗਤਾਰ ਸਿੰਘ ਪੰਚ , ਐਮਵੀ ਯੁੱਧਵੀਰ ਸਿੰਘ, ਐਸ.ਡੀ.ਓ ਮਨਜੀਤ ਸਿੰਘ, ਜੇ.ਈ ਜੋਸ਼ੀ , ਦਿਨੇਸ਼ ਸੁਪਰਵਾਈਜਰ਼ ਹਾਜ਼ਰ ਸਨ।