ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਗੁਰਧਾਮਾਂ ਲਈ ਰਵਾਨਾ ਪਿੰਡ ਕੋਟਲਾ ’ਤੇ ਭਗਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਗੁਰਧਾਮਾਂ ਲਈ ਰਵਾਨਾ
Publish Date: Wed, 16 Sep 2026 04:20 PM (IST)
Updated Date: Wed, 16 Sep 2026 04:23 PM (IST)
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਕੀਤਾ ਰਵਾਨਾ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕੋਟਲਾ ’ਤੇ ਭਗਵਾਲਾ ਤੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਯਾਤਰਾ ’ਤੇ ਜਾਣ ਵਾਲੀ ਸੰਗਤ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਸੰਗਤ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਗੁਰਧਾਮਾਂ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯਾਤਰਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੀਆਂ ਸਹੂਲਤਾਂ ਅਤੇ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਬੱਸ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਕੇ ਸੰਗਤ ਅਧਿਆਤਮਿਕ ਸ਼ਾਂਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਅਤੇ ਸੰਗਤ ਦਾ ਪਿਆਰ ਲੋਕ ਸੇਵਾ ਲਈ ਹਮੇਸ਼ਾ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਪਿੰਡ ਕੋਟਲਾ ਤੇ ਭਗਵਾਲਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਸਹਾਇਕ ਹਨ। ਬੱਸ ਰਵਾਨਾ ਹੋਣ ਸਮੇਂ ਸੰਗਤ ਵੱਲੋਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਯਾਤਰਾ ਦੀ ਸਫ਼ਲਤਾ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ ਗਈ।