ਨੰਗਲ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਉਪਰਾਲੇ ਜਾਰੀ : ਹਰਜੋਤ ਬੈਂਸ ਨੰਗਲ ਵਾਸੀਆਂ ਨਾਲ ਕੀਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਕਰਨ ਲਈ ਲਗਾਤਾਰ ਉਪਰਾਲੇ ਜਾਰੀ: ਹਰਜੋਤ ਬੈਂਸ
Publish Date: Wed, 16 Sep 2026 06:07 PM (IST)
Updated Date: Wed, 16 Sep 2026 06:08 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਨੰਗਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਨੰਗਲ ਵਾਸੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਨੰਗਲ ਲਈ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵੱਲ ਮਹੱਤਵਪੂਰਨ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਨਾਲ ਖੇਤੀਬਾੜੀ ਲਈ ਸਿੰਚਾਈ ਵਾਸਤੇ ਪਾਣੀ ਦੀ ਉਪਲੱਬਧਤਾ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਣੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਇਸ ਸਹੂਲਤ ਨੂੰ ਮਜ਼ਬੂਤ ਕਰਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਲੰਮੇ ਸਮੇਂ ਲਈ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨੰਗਲ ਦੇ ਵਿਕਾਸ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰੱਖਦਿਆਂ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਪਾਣੀ, ਸਫਾਈ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੰਗਲ ਮੰਡੀ ਦੇ ਸੁਧਾਰ ਵੱਲ ਵੀ ਕਦਮ ਚੁੱਕੇ ਗਏ ਹਨ। ਮੰਡੀ ਨਾਲ ਜੁੜੀਆਂ ਸਹੂਲਤਾਂ ਵਿੱਚ ਸੁਧਾਰ ਹੋਣ ਨਾਲ ਇੱਥੇ ਆਉਣ ਵਾਲੇ ਲੋਕਾਂ, ਵਪਾਰੀਆਂ ਅਤੇ ਹੋਰ ਵਰਗਾਂ ਨੂੰ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸੁਚੱਜਾ, ਸਾਫ਼-ਸੁਥਰਾ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੰਗਲ ਦੇ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ਨੂੰ ਵਿਕਾਸ ਕਾਰਜਾਂ ਰਾਹੀਂ ਕਾਇਮ ਰੱਖਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਨੰਗਲ ਦੇ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਇਹ ਲੜੀ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ।