ਗੁਰਦੁਆਰਾ ਸ੍ਰੀ ਕੋਟ ਸਾਹਿਬ ਵਿਖੇ ਨਵੀਨੀਕਰਨ ਦੀ ਸੇਵਾ ਜ਼ੋਰਾਂ ’ਤੇ ਗੁਰਦੁਆਰਾ ਸ੍ਰੀ ਕੋਟ ਸਾਹਿਬ ਵਿਖੇ ਨਵੀਨੀਕਰਨ ਦੀ ਸੇਵਾ ਜ਼ੋਰਾਂ ’ਤੇ
Publish Date: Thu, 17 Sep 2026 04:26 PM (IST)
Updated Date: Thu, 17 Sep 2026 04:29 PM (IST)
ਸ੍ਰੀ ਕੀਰਤਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰੂ ਘਰਾਂ ’ਚ ਵੀ ਚੱਲ ਰਹੀਆਂ ਸੇਵਾਵਾਂ : ਬਾਬਾ ਕੁਲਦੀਪ ਸਿੰਘ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੀ ਰਹਿਨੁਮਾਈ ਅਤੇ ਮੌਜੂਦਾ ਜਥੇਦਾਰ ਬਾਬਾ ਬਚਨ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ’ਚ ਵੱਡੇ ਪੱਧਰ ’ਤੇ ਕਾਰ ਸੇਵਾ ਦੀਆਂ ਸੇਵਾਵਾਂ ਚੱਲ ਰਹੀਆਂ ਹਨ। ਇਸ ਸਬੰਧੀ ਬਾਬਾ ਕੁਲਦੀਪ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਤੇ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਗੁਰੂ ਘਰਾਂ ਦੇ ਨਿਰਮਾਣ ਤੇ ਨਵੀਨੀਕਰਨ ਦੀ ਸੇਵਾ ਲਗਾਤਾਰ ਜਾਰੀ ਹੈ। ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੀਰੀ-ਮੀਰੀ ਤਖ਼ਤ ਗੁਰਦੁਆਰਾ ਸ੍ਰੀ ਕੋਟ ਸਾਹਿਬ ਵਿਖੇ ਨਵੀਨੀਕਰਨ ਦੀ ਸੇਵਾ ਵੱਡੇ ਪੱਧਰ ’ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਨਾਲ ਸਬੰਧਤ ਚੱਲ ਰਹੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤੇ ਜਲਦ ਹੀ ਗੁਰਦੁਆਰਾ ਸਾਹਿਬ ਦੇ ਹਾਲ ਉੱਪਰ ਲੈਂਟਰ ਪਾ ਦਿੱਤਾ ਜਾਵੇਗਾ ਤੇ ਜਲਦ ਹੀ ਇਸ ਇਮਾਰਤ ਦੇ ਨਵੀਨੀਕਰਨ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸੇਵਾ ਭਾਵਨਾ ਨਾਲ ਕੀਤੀ ਜਾ ਰਹੀ ਹੈ। ਸ੍ਰੀ ਕੀਰਤਪੁਰ ਸਾਹਿਬ ਅੰਦਰ ਚੱਲ ਰਹੀਆਂ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸੰਗਤ ਦੀ ਸਹੂਲਤ ਲਈ ਸਰਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਛੇ ਮੰਜ਼ਿਲਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ ਤੇ ਦੋ ਮੰਜ਼ਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਨੇੜੇ ਡੰਗਾ ਲਗਾ ਕੇ ਵੱਡੇ ਪੱਧਰ ’ਤੇ ਪਾਰਕਿੰਗ ਲਈ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਹੋਲੇ ਮਹੱਲੇ ਤੇ ਹੋਰ ਧਾਰਮਿਕ ਸਮਾਗਮਾਂ ਮੌਕੇ ਆਉਣ ਵਾਲੀ ਸੰਗਤ ਨੂੰ ਵਾਹਨਾਂ ਦੀ ਪਾਰਕਿੰਗ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਦੇ ਨਵੀਨੀਕਰਨ ਦੀ ਸੇਵਾ ਵੀ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸੇ ਤਰ੍ਹਾਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਿਵਾਸ ਅਸਥਾਨ ਗੁਰਦੁਆਰਾ ਹਰਿਮੰਦਰ ਸਾਹਿਬ ਦੇ ਨਵੀਨੀਕਰਨ ਦੀ ਸੇਵਾ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਛੇ ਗੁਰੂ ਸਾਹਿਬਾਨ ਦੇ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇਸ ਪਾਵਨ ਧਰਤੀ ’ਤੇ ਆਪਣੇ ਚਰਨ ਪਾਏ ਸਨ ਤੇ ਉਨ੍ਹਾਂ ਦੀ ਯਾਦ ਵਿਚ ਇੱਥੇ ਗੁਰਦੁਆਰਾ ਚਰਨ ਕਮਲ ਸਾਹਿਬ ਸੁਸ਼ੋਭਿਤ ਹੈ। ਇਸ ਤੋਂ ਇਲਾਵਾ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਦਾ ਮਾਣ ਵੀ ਸ੍ਰੀ ਕੀਰਤਪੁਰ ਸਾਹਿਬ ਨੂੰ ਪ੍ਰਾਪਤ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਗੁਰਦੁਆਰਾ ਤੀਰ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਵਿਚ ਚੱਲ ਰਹੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਇਨ੍ਹਾਂ ਸੇਵਾਵਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।