ਮੀਰੀ-ਪੀਰੀ ਖਾਲਸਾ ਮਾਰਚ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਮੀਰੀ-ਪੀਰੀ ਖਾਲਸਾ ਮਾਰਚ ਦਾ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
Publish Date: Thu, 17 Sep 2026 05:04 PM (IST)
Updated Date: Thu, 17 Sep 2026 05:05 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵੀਰਵਾਰ ਨੂੰ ਨੂਰਪੁਰਬੇਦੀ ਖੇਤਰ ਦੇ ਪਿੰਡਾਂ ਵਿਚ ਪਹੁੰਚਣ ’ਤੇ ਸੰਗਤਾਂ ਵੱਲੋਂ ਇਸ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾਂ ਝੱਜ ਚੌਕ ਉਪਰੰਤ ਕਲਵਾਂ ਅਤੇ ਕਾਹਨਪੁਰ ਖੂਹੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ।। ਮਾਰਚ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਅਤੇ ਵਿਸ਼ੇਸ਼ ਵਾਹਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਖ਼ਾਲਸਾ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮਾਰਚ ਰਾਹੀਂ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਵੀ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਸਮੇਤ ਭਾਰੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।