ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਸ਼ੁਰੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਸ਼ੁਰੂ
Publish Date: Thu, 17 Sep 2026 06:08 PM (IST)
Updated Date: Thu, 17 Sep 2026 06:11 PM (IST)
ਬੇਅਦਬੀ ਕਾਨੂੰਨ ਸਬੰਧੀ ਗੱਲਬਾਤ ਦਾ ਰਾਹ ਖੁੱਲ੍ਹਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ ’ਤੇ ਸੁਝਾਵ ਮੰਨਣੇ ਜ਼ਰੂਰੀ: ਗਿਆਨੀ ਕੁਲਦੀਪ ਸਿੰਘ ਗੜਗੱਜ ਸੁਰਿੰਦਰ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਮਾਰਚ ਦੀ ਆਰੰਭਤਾ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ, ਜਦਕਿ ਗਿਆਨੀ ਅਮਰਜੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਪਹਿਲੇ ਦੋ ਪੜਾਵਾਂ ਦੌਰਾਨ ਵੱਖ-ਵੱਖ ਇਤਿਹਾਸਕ ਅਸਥਾਨਾਂ ਤੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ ਸੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਮਾਰਚ ਦਾ ਮਕਸਦ ਸੰਗਤਾਂ ਨੂੰ ਸਿੱਖ ਵਿਰੋਧੀ ਤਾਕਤਾਂ ਤੋਂ ਸੁਚੇਤ ਕਰਨ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿੱਖੀ ਸਰੂਪ ਵਿਚ ਪਰਪੱਕ ਹੋਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚੇ ਵੀ ਦਸਤਾਰਾਂ ਸਜਾ ਕੇ ਉਤਸ਼ਾਹ ਨਾਲ ਮਾਰਚ ਵਿਚ ਸ਼ਾਮਲ ਹੋ ਰਹੇ ਹਨ ਤੇ ਨੌਜਵਾਨਾਂ ਵੱਲੋਂ ਕੇਸ ਰੱਖਣ ਦਾ ਪ੍ਰਣ ਕੀਤਾ ਜਾ ਰਿਹਾ ਹੈ। ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਨਾਲ ਗੱਲਬਾਤ ਦਾ ਰਾਹ ਖੁੱਲ੍ਹਿਆ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਸਬੰਧੀ ਉਠਾਏ ਇਤਰਾਜ਼ਾਂ ਤੇ ਦਿੱਤੇ ਸੁਝਾਵਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਾਮਲਾ ਸੁਲਝਣ ਤੱਕ ਪਾਸ ਕੀਤੇ ਕਾਨੂੰਨ ਨੂੰ ਮੁਲਤਵੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਸਰਕਾਰ ਦੀ ਸੱਤ ਮੈਂਬਰੀ ਕਮੇਟੀ ਨਾਲ ਗੱਲਬਾਤ ਅੱਗੇ ਤੋਰੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਚ ਮੀਂਹ ਕਾਰਨ ਸੜਕਾਂ ’ਤੇ ਭਰੇ ਪਾਣੀ ਦਾ ਜ਼ਿਕਰ ਕਰਦਿਆਂ ਗਿਆਨੀ ਗੜਗੱਜ ਨੇ ਸਰਕਾਰ ਤੋਂ ਇਤਿਹਾਸਕ ਗੁਰਧਾਮਾਂ ਨੂੰ ਜਾਂਦੀਆਂ ਸੜਕਾਂ ’ਤੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਪੰਥ ਦੀ ਚੜ੍ਹਦੀ ਕਲਾ, ਮਨੁੱਖਤਾ ਦੀ ਭਲਾਈ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ, ਗੁਰਬਾਣੀ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਸਾਂਝੇ ਯਤਨ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੁਰਜੀਤ ਸਿੰਘ ਤੁਗਲਵਾਲ, ਡਾ. ਜੰਗ ਬਹਾਦਰ ਸਿੰਘ ਰਾਏ, ਬੀਬੀ ਹਰਜਿੰਦਰ ਕੌਰ, ਭਾਈ ਗੁਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਅਵਤਾਰ ਸਿੰਘ ਰੀਆ, ਕੇਵਲ ਸਿੰਘ ਬਾਦਲ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ ਸਿੰਘ ਪੰਨੂ, ਰਵਿੰਦਰ ਸਿੰਘ ਖਾਲਸਾ, ਰਘਬੀਰ ਸਿੰਘ ਸਹਾਰਨਮਾਜਰਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।