ਪਿੰਡ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ’ਤੇ ਸੀਐੱਮ ਮਾਨ ’ਤੇ ਹਰਜੋਤ ਬੈਂਸ ਦਾ ਧੰਨਵਾਦ ਅਜੋਲੀ ਵਾਸੀਆਂ ਵੱਲੋਂ ਪਿੰਡ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ
Publish Date: Fri, 18 Sep 2026 07:46 PM (IST)
Updated Date: Fri, 18 Sep 2026 07:47 PM (IST)
ਅਜੋਲੀ ਵਿੱਚ 40 ਲੱਖ ਨਾਲ ਗਰਾਊਂਡ, 1.50 ਕਰੋੜ ਨਾਲ ਪਾਈਪ ਲਾਈਨ ਸਮੇਤ ਕਈ ਵਿਕਾਸ ਕਾਰਜ ਜਾਰੀ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਅਜੋਲੀ ਪਿੰਡ ਦੇ ਵਸਨੀਕਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟ ਮਿਲਣ ਨਾਲ ਪਿੰਡ ਵਿਚ ਹੋਰ ਲੋੜੀਂਦੇ ਕੰਮਾਂ ਨੂੰ ਵੀ ਗਤੀ ਮਿਲੇਗੀ। ਪਿੰਡ ਵਾਸੀਆਂ ਨੇ ਦੱਸਿਆ ਕਿ ਅਜੋਲੀ ਵਿਚ ਇਸ ਸਮੇਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਗਰਾਊਂਡ ਦੇ ਵਿਕਾਸ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਕਰੀਬ 1.50 ਕਰੋੜ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਵਿਛਾਉਣ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਪੰਚਾਇਤ ਘਰ ਲਈ 5 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ’ਤੇ ਸੁਧਾਰ ਦੇ ਕੰਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਵਿਚ ਹੋਰ ਸੁਧਾਰ ਹੋਣ ਦੀ ਉਮੀਦ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਇਸੇ ਤਰ੍ਹਾਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਸਹੂਲਤਾਂ ਦੇਣ ਨਾਲ ਰੋਜ਼ਾਨਾ ਜੀਵਨ ਸੁਖਾਲਾ ਹੋ ਰਿਹਾ ਹੈ। ਕੈਬਨਿਟ ਮੰਤਰੀ ਵੱਲੋਂ ਪਿੰਡਾਂ ਵਿਚ ਸੜਕਾਂ, ਗਲੀਆਂ-ਨਾਲੀਆਂ, ਪਾਣੀ, ਸੀਵਰੇਜ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਲੋੜ ਅਨੁਸਾਰ ਅੱਗੇ ਵਧਾਇਆ ਜਾ ਰਿਹਾ ਹੈ। ਅਜੋਲੀ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਸੁਵਿਧਾਵਾਂ ਮਿਲਣਗੀਆਂ। ਪਿੰਡ ਵਾਸੀਆਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟ ਮੁਹੱਈਆ ਕਰਵਾਉਣ ਤੇ ਪਿੰਡ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਧੰਨਵਾਦੀ ਹਨ। ਇਸ ਮੌਕੇ ਸਰਪੰਚ ਤਿਲਕ ਰਾਜ, ਬਲਾਕ ਸੋਸ਼ਲ ਮੀਡੀਆ ਪ੍ਰਧਾਨ ਰਾਕੇਸ਼ ਕੁਮਾਰ, ਬਲਾਕ ਕੋਆਰਡੀਨੇਟਰ ਕਿਸਾਨ ਵਿੰਗ ਕ੍ਰਿਸ਼ਨ ਚੰਦ, ਚੇਅਰਮੈਨ ਸੁੱਚਾ ਸਿੰਘ, ਪੰਚ ਓਕਾਰ ਚੰਦ, ਕਰਮ ਸਿੰਘ, ਧਰਮ ਦਾਸ, ਪੰਚ ਨੀਲਮ ਕੁਮਾਰੀ, ਪੰਚ ਸਨੇਹ, ਪ੍ਰਧਾਨ ਸੁਨੀਤਾ, ਮਹਿਲਾ ਵੈਲਫੇਅਰ ਸੁਸਾਇਟੀ ਦੀ ਲਕਸ਼ਮੀ, ਸੁਮਨ, ਸੀਮਾ, ਤਰਸੇਮ ਲਾਲ, ਗੋਪਾਲ ਕ੍ਰਿਸ਼ਨ, ਚਮਨ ਲਾਲ, ਕਰਨੈਲ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਅਜੋਲੀ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਪਿੰਡ ਦੇ ਵਿਕਾਸ ਲਈ ਸਹਿਯੋਗ ਦੀ ਉਮੀਦ ਪ੍ਰਗਟਾਈ।