- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਅਦਿਆਂ ਦੀ ਬਜਾਏ ਪਿਛਲੇ ਕੰਮਾਂ ਦੇ ਆਧਾਰ ’ਤੇ ਨੁਮਾਇੰਦਿਆਂ ਦਾ ਮੁਲਾਂਕਣ ਕਰਨ ਲੋਕ : ਆਪ ਆਗੂ

ਦਿਨੇਸ਼ ਹੱਲਣ, ਪੰਜਾਬੀ ਜਾਗਰਣ
ਨੂਰਪੁਰਬੇਦੀ: ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਪੰਮੂ ਹਰੀਪੁਰ, ਰਾਜਪੂਤ ਵੈੱਲਫੇਅਰ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਣਾ ਤੇ ਯੂਥ ਜ਼ਿਲ੍ਹਾ ਵਾਈਸ ਪ੍ਰਧਾਨ ਬਲਬੀਰ ਚੌਧਰੀ ਟੇਢੇਵਾਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦਿਆਂ ਦੀ ਬਜਾਏ ਆਪਣੇ ਨੁਮਾਇੰਦਿਆਂ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਅਤੇ ਲੋਕਾਂ ਨਾਲ ਉਨ੍ਹਾਂ ਦੇ ਸੰਪਰਕ ਨੂੰ ਦੇਖ ਕੇ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਬਿਜਲੀ ਦਾ ਬਿੱਲ ਮੁਆਫ਼ ਹੋਇਆ ਹੈ, ਪਰਿਵਾਰ ਦੇ ਮੈਂਬਰਾਂ ਦਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਬਣਿਆ ਹੈ, ਮਹਿਲਾਵਾਂ ਨੂੰ ਸਰਕਾਰੀ ਯੋਜਨਾ ਤਹਿਤ ਵਿੱਤੀ ਸਹਾਇਤਾ ਮਿਲੀ ਹੈ ਜਾਂ ਪਿੰਡਾਂ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਵਰਗੀਆਂ ਸਹੂਲਤਾਂ ਵਿਕਸਤ ਹੋਈਆਂ ਹਨ ਤਾਂ ਲੋਕ ਇਨ੍ਹਾਂ ਕੰਮਾਂ ਦਾ ਮੁਲਾਂਕਣ ਜ਼ਰੂਰ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਵੱਲੋਂ ਨਿਭਾਈ ਜਾ ਰਹੀ ਡਿਊਟੀ, ਲੋਕਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਸਰਕਾਰ ਦੇ ਕੰਮਕਾਜ ਦਾ ਹਿੱਸਾ ਮੰਨ ਕੇ ਦੇਖਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਪਿੰਡ ਦੇ ਨੌਜਵਾਨ ਨੂੰ ਬਿਨਾਂ ਸਿਫ਼ਾਰਸ਼ ਨੌਕਰੀ ਮਿਲੀ ਹੈ ਤਾਂ ਇਹ ਵੀ ਵਿਚਾਰਨ ਵਾਲਾ ਮੁੱਦਾ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਲੋਕ ਇਹ ਵੀ ਦੇਖਣ ਕਿ ਕਿਹੜੇ ਆਗੂ ਲਗਾਤਾਰ ਉਨ੍ਹਾਂ ਦੇ ਪਿੰਡਾਂ ਅਤੇ ਲੋਕਾਂ ਵਿੱਚ ਰਹੇ ਹਨ ਅਤੇ ਕਿਹੜੇ ਸਿਰਫ਼ ਚੋਣਾਂ ਸਮੇਂ ਹੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਲਗਾਤਾਰ ਲੋਕਾਂ ਵਿੱਚ ਰਹਿ ਕੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੇਂ ਪ੍ਰੋਗਰਾਮ ਵਿੱਚ ਸੱਦੇ ਜਾਣ ’ਤੇ ਵਿਧਾਇਕ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੁਮਾਇੰਦੇ ਦੀ ਕਾਰਗੁਜ਼ਾਰੀ, ਲੋਕਾਂ ਨਾਲ ਸੰਪਰਕ ਅਤੇ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਦਾ ਮੁਲਾਂਕਣ ਕਰਕੇ ਆਪਣਾ ਲੋਕਤੰਤਰੀ ਫੈਸਲਾ ਲੈਣਾ ਚਾਹੀਦਾ ਹੈ।