ਖਾਟੂ ਸ਼ਿਆਮ ਤੇ ਸਾਲਾਸਰ ਧਾਮ ਲਈ ਹਰਜੋਤ ਬੈਂਸ ਨੇ ਰਵਾਨਾ ਕੀਤੀ ਬੱਸ ਖਾਟੂ ਸ਼ਿਆਮ ’ਤੇ ਸਾਲਾਸਰ ਧਾਮ ਲਈ ਵਾਰਡ ਨੰਬਰ 10 ਤੋਂ ਤੀਰਥ ਯਾਤਰਾ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ
Publish Date: Wed, 23 Sep 2026 05:28 PM (IST)
Updated Date: Wed, 23 Sep 2026 05:30 PM (IST)
‘ਮੇਰੇ ਬਜ਼ੁਰਗ, ਮੇਰਾ ਮਾਣ’ ਤਹਿਤ ਸ਼ਰਧਾਲੂਆਂ ਨੂੰ ਮਿਲਿਆ ਤੀਰਥ ਯਾਤਰਾ ਦਾ ਮੌਕਾ ਪੰਜਾਬੀ ਜਾਗਰਣ ਟੀਮ, ਨੰਗਲ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਦੇ ਵਾਰਡ ਨੰਬਰ- 10 ਤੋਂ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ। ਸ਼ਰਧਾਲੂਆਂ ਵਿੱਚ ਤੀਰਥ ਸਥਾਨਾਂ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੇਰੇ ਬਜ਼ੁਰਗ, ਮੇਰਾ ਮਾਣ’ ਦੀ ਭਾਵਨਾ ਨਾਲ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਵਰਗ ਦੇ ਲੋਕ ਸ਼ਰਧਾ ਨਾਲ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ ਅਤੇ ਧਾਰਮਿਕ ਯਾਤਰਾ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ ਦੇਸ਼ ਭਰ ਦੇ ਸ਼ਰਧਾਲੂਆਂ ਲਈ ਵਿਸ਼ੇਸ਼ ਆਸਥਾ ਦੇ ਕੇਂਦਰ ਹਨ। ਨੰਗਲ ਦੇ ਵਾਰਡ ਨੰਬਰ 10 ਤੋਂ ਸੰਗਤਾਂ ਨੂੰ ਇਨ੍ਹਾਂ ਪਵਿੱਤਰ ਧਾਮਾਂ ਦੇ ਦਰਸ਼ਨਾਂ ਲਈ ਭੇਜਣਾ ਇਲਾਕੇ ਦੇ ਲੋਕਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਵੀ ਕੀਤੀ ਅਤੇ ਸਾਰਿਆਂ ਦੀ ਸੁਖਦ ’ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਤੀਰਥ ਯਾਤਰਾ ਲਈ ਰਵਾਨਾ ਹੋ ਰਹੀ ਸੰਗਤ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਲਈ ਧੰਨਵਾਦ ਪ੍ਰਗਟ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਯੋਜਨਾ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਨਾਲ-ਨਾਲ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਪ੍ਰਬੰਧ ਕੀਤੇ ਜਾਣ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਵਿਸ਼ੇਸ਼ ਸਹੂਲਤ ਮਿਲੀ ਹੈ। ਇਸ ਮੌਕੇ ਸੰਗਤਾਂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸੁਵਿਧਾ ਪ੍ਰਦਾਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਬੱਸ ਰਵਾਨਾ ਹੋਣ ਸਮੇਂ ਸੰਗਤਾਂ ਵੱਲੋਂ ਜੈ ਖਾਟੂ ਨਰੇਸ਼ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ ਅਤੇ ਸ਼ਰਧਾਲੂਆਂ ਨੇ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਗੀ ਕੀਤੀ।