550 ਦਿਨ ਪੂਰੇ ਹੋਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ 550 ਦਿਨ ਪੂਰੇ ਹੋਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਸ਼ੁਰੂ
Publish Date: Thu, 01 Oct 2026 04:29 PM (IST)
Updated Date: Thu, 01 Oct 2026 04:31 PM (IST)
ਪਿੰਡ-ਪਿੰਡ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾ ਰਿਹਾ ਜਾਗਰੂਕ : ਅਵਤਾਰ ਸਿੰਘ ਕੁੰਨਰ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 550 ਦਿਨ ਪੂਰੇ ਹੋਣ ਉਪਰੰਤ ਇਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਪਿੰਡ ਪੱਧਰ ’ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਲਾਮਬੰਦੀ ਕਰਨ ਲਈ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਾਕ ਨੂਰਪੁਰ ਬੇਦੀ ਦੇ ਪਿੰਡ ਗੜਬਾਗਾ, ਗੜਡੋਲੀਆਂ, ਭਿੰਡਰ ਨਗਰ, ਖੱਡ ਬਠਲੋਰ ਅੱਪਰ ਅਤੇ ਖੱਡ ਬਠਲੋਰ ਲੋਅਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਹੁਣ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਸ ਦੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਅਵਤਾਰ ਸਿੰਘ ਕੁੰਨਰ ਨੇ ਦੱਸਿਆ ਕਿ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਹੁਣ ਤੱਕ 76,982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੂਰੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਇਹ ਜਾਗਰੂਕਤਾ ਮੀਟਿੰਗਾਂ ਲਗਾਤਾਰ ਜਾਰੀ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ 5-5 ਹਜ਼ਾਰ ਰੁਪਏ ਦੀ ਰਾਸ਼ੀ ਵੀ ਮੁਹੱਈਆ ਕਰਵਾਈ ਗਈ ਹੈ। ਇਸ ਰਾਹੀਂ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 1 ਅਕਤੂਬਰ ਨੂੰ ਪਿੰਡ ਜਟਵਾਹੜ, ਨੋਧੇਮਾਜਰਾ, ਗਰੇਵਾਲ, ਧਮਾਣਾ ਅਤੇ ਝਾਂਡੀਆਂ ਵਿਖੇ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਪੰਚਾਇਤ ਸਕੱਤਰ ਅਸ਼ਨੀਲ ਕੁਮਾਰ, ਏ.ਐੱਸ.ਆਈ. ਗੁਰਿੰਦਰ ਸਿੰਘ, ਸਿਹਤ ਵਿਭਾਗ ਤੋਂ ਬਲਜੀਤ ਸਿੰਘ, ਪਰਮਿੰਦਰ ਸਿੰਘ ਅਤੇ ਕਿਸ਼ਨ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।