‘ਮਿਸ਼ਨ ਕਲੀਨ’ ਮੁਹਿੰਮ ਰਾਹੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਮਿਸ਼ਨ 2027 ਮਿਸ਼ਨ ਕਲੀਨ’ ਮੁਹਿੰਮ ਰਾਹੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਮਿਸ਼ਨ 2027
Publish Date: Thu, 01 Oct 2026 06:44 PM (IST)
Updated Date: Thu, 01 Oct 2026 06:45 PM (IST)
ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਚਲਾਈ ਜਾ ਰਹੀ ਹੈ ਚੌਣ ਪ੍ਰਚਾਰ ਮੁਹਿੰਮ ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ: ਬੇਸ਼ਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਰੀਬ ਪੰਜ ਮਹੀਨੇ ਦਾ ਸਮਾਂ ਬਾਕੀ ਹੈ ਪਰ ਨੰਗਲ ’ਚ ਚੋਣ ਅਖਾੜਾ ਹੁਣ ਤੋਂ ਹੀ ਭਖਣਾ ਸ਼ੁਰੂ ਹੋ ਗਿਆ ਹੈ। ਨੰਗਲ ਸ਼ਹਿਰ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਆਰੰਭ ਦਿੱਤੀਆਂ ਗਈਆਂ ਹਨ। ਭਾਵੇਂ ਭਾਜਪਾ ਅਤੇ ਕਾਂਗਰਸ ਪਾਰਟੀ ਵਲੋਂ ਆਪਣੇ ਪੱਧਰ ’ਤੇ ਸ਼ਹਿਰ ਅਤੇ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਕ ਮਹੀਨੇ ਤੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਮੁਹਿੰਮ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਕ ਤਰ੍ਹਾਂ ਨਾਲ ਚੌਣ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਹਰਜੋਤ ਸਿੰਘ ਬੈਂਸ ਵੱਲੋਂ ‘ਮਿਸ਼ਨ ਕਲੀਨ’ ਮੁਹਿੰਮ ਰਾਹੀ ਮਿਸ਼ਨ 2027 ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਵੀ ਲੈ ਰਹੇ ਹਨ। ਸਫ਼ਾਈ ਮੁਹਿੰਮ ਦੌਰਾਨ ਲੋਕਾਂ ਦੇ ਘਰਾਂ ਅਤੇ ਮੁਹੱਲਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਵੀ ਬਿਨਾਂ ਝਿਜਕ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੇ ਇਸ ਨਿਵੇਕਲੇ ਅਤੇ ਅਗੇਤੇ ਚੌਣ ਪ੍ਰਚਾਰ ਦੀ ਸਿਆਸੀ ਹਲਕਿਆਂ ਵਿਚ ਚਰਚਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਬੂਥ ਪੱਧਰ ਤੱਕ ਦੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਹਲਕੇ ਵਿਚ ਚੋਣ ਪ੍ਰਚਾਰ ਦੇ ਮਾਮਲੇ ਵਿਚ ਆਪ ਦੂਜੀਆਂ ਪਾਰਟੀਆਂ ਤੋਂ ਅੱਗੇ ਚਲਦੀ ਨਜ਼ਰ ਆ ਰਹੀ ਹੈ।