ਕੈਬਨਿਟ ਮੰਤਰੀ ਬੈਂਸ ਵੱਲੋਂ ਬਰਮਲਾ, ਮੇਘਪੁਰ ’ਤੇ ਅਜੋਲੀ ਸਮੇਤ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀਆਂ ਜਾਰੀ ਕੈਬਨਿਟ ਮੰਤਰੀ ਬੈਂਸ ਵੱਲੋਂ ਬਰਮਲਾ, ਮੇਘਪੁਰ ’ਤੇ ਅਜੋਲੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਜਾਰੀ
Publish Date: Tue, 06 Oct 2026 07:13 PM (IST)
Updated Date: Tue, 06 Oct 2026 07:14 PM (IST)
ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਅਧਿਕਾਰੀਆਂ ਨੂੰ ਮੌਕੇ ’ਤੇ ਹੱਲ ਕਰਨ ਦੇ ਨਿਰਦੇਸ਼ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬਰਮਲਾ, ਮੇਘਪੁਰ, ਅਜੋਲੀ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਈ ਮਾਮਲਿਆਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ ਅਤੇ ਸੂਬੇ ਦੇ ਹਰ ਵਰਗ ਨੂੰ ਰਾਹਤ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫਤ ਸਿਹਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਉਪਰਾਲਿਆਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਦੇਣ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਨੇ ਵੱਖ-ਵੱਖ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਨਿੱਜੀ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। ਬੈਂਸ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦੁਆਰ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਦਰਸਾਈਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ’ਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਅਤੇ ਹਰ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ’ਤੇ ਵਰਕਰ ਹਾਜ਼ਰ ਸਨ। ਨੰਗਲ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਜਾਰੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ’ਚ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਸੈਰ-ਸਪਾਟੇ ਦੀਆਂ ਬੇਹੱਦ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਵਿਕਸਤ ਕਰਕੇ ਇਲਾਕੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਆਉਣ ਵਾਲੇ ਸਮੇਂ ’ਚ ਹੋਰ ਉਪਰਾਲੇ ਕੀਤੇ ਜਾਣਗੇ, ਜਿਸ ਨਾਲ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਕਾਸ ਅਤੇ ਸੈਰ-ਸਪਾਟੇ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।