ਲੋਕ ਮਿਲਣੀ ਦੌਰਾਨ ਹਰ ਗਲੀ-ਮੁਹੱਲੇ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਉਪਰਾਲੇ : ਬੈਂਸ ਲੋਕ ਮਿਲਣੀ ਦੌਰਾਨ ਹਰ ਗਲੀ-ਮੁਹੱਲੇ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਉਪਰਾਲੇ: ਬੈਂਸ
Publish Date: Wed, 07 Oct 2026 05:47 PM (IST)
Updated Date: Wed, 07 Oct 2026 05:50 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ’ਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ। ਹਰਜੋਤ ਸਿੰਘ ਬੈਂਸ ਨੇ ਅੱਜ ਮੀਆਂਪੁਰ ਵਿਖੇ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 7 ਲੱਖ ਰੁਪਏ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਦੀ ਵੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ’ਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਅਲਕਾ ਰਾਣੀ ਸਰਪੰਚ, ਮਨਿੰਦਰ ਰਾਣਾ, ਨਰਦੇਵ ਸਿੰਘ ਪੰਚ, ਸਰਵਨ ਸਿੰਘ, ਸੁਨੀਤਾ ਰਾਣੀ, ਸੁਖਦੇਵ ਸਿੰਘ ਨੰਬਰਦਾਰ, ਰਾਜਪਾਲ ਸਿੰਘ ਸੂਬੇਦਾਰ, ਸਮਸ਼ੇਰ ਸਿੰਘ ਬਲਾਕ ਪ੍ਰਧਾਨ, ਕੇਸਰ ਸਿੰਘ ਸੰਧੂ ’ਤੇ ਵੱਡੀ ਗਿਣਤੀ ਵਿਚ ਵਰਕਰ ’ਤੇ ਪਿੰਡ ਵਾਸੀ ਹਾਜ਼ਰ ਸਨ।