ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਵਿਕਾਸ ਲਈ 10 ਲੱਖ ਦਾ ਐਲਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕ ਮਿਲਣੀ ਖਮੇੜਾ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦਾ ਐਲਾਨ
Publish Date: Wed, 07 Oct 2026 06:07 PM (IST)
Updated Date: Wed, 07 Oct 2026 06:08 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ੍ਹ ਖਮੇੜਾ ਪਿੰਡ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੇ ਘਰਾਂ ਨੇੜੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਵੱਲੋਂ ਨਾਨਕ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ’ਚ ਸ਼ਾਮਲ ਹੈ। ਹਰਜੋਤ ਸਿੰਘ ਬੈਂਸ ਪਿਛਲੇ ਲਗਭਗ ਡੇਢ ਮਹੀਨੇ ਤੋਂ ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ’ਚ ਖੁਦ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਛੋਟੀਆਂ-ਵੱਡੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਸਰਕਾਰ ਵੱਲੋਂ ਲੋਕਾਂ ਦੇ ਦਰਵਾਜ਼ੇ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਆਮ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਇਆ ਹੈ ਅਤੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਵਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ’ਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਪਿੰਡ ਖਾਮੇੜਾ ਸਰਪੰਚ ਅਨੂਪ ਸ਼ਰਮਾ,ਪਵਨ ਸ਼ਰਮਾ , ਕਰਮ ਚੰਦ, ਮਨਜੀਤ ਕੌਰ ਪੰਚ, ਕੈਪਟਨ ਦਲਜੀਤ ਸਿੰਘ, ਭਜਨਾ ਰਾਮ , ਜਗਤਾਰ ਸਿੰਘ , ਸੁਖਦੇਵ ਰਾਮ, ਜਗਤਾਰ ਸਿੰਘ ਪੰਚਾਇਤ ਸੈਕਟਰੀ, ਮੱਖਣ ਸਿੰਘ ਸਰਪੰਚ, ਨਿਤਿਨ, ਦਲਜੀਤ ਸਿੰਘ, ਅੰਕੁਸ਼ ਹਾਜ਼ਰ ਸਨ।