ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਨੇ ਲਿਆ ਜਾਇਜ਼ਾ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ’ਤੇ ਪੁੱਲਾਂ ਦੇ ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਆ ਜਾਇਜ਼ਾ
Publish Date: Wed, 07 Oct 2026 06:45 PM (IST)
Updated Date: Wed, 07 Oct 2026 06:47 PM (IST)
ਅਜੋਲੀ-ਬੇਲਾ ਧਿਆਨੀ ’ਤੇ ਭੱਟੋਂ-ਬੇਲਾ ਧਿਆਨੀ ਰੂਟ ’ਤੇ ਬਣਨਗੇ ਦੋ ਨਵੇਂ ਪੁੱਲ ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬੇਲਾ ਧਿਆਨੀ ਇਲਾਕੇ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਮੌਕੇ ’ਤੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਅਤੇ ਆਵਾਜਾਈ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਕੁਝ ਪੁੱਲਾਂ ਦੇ ਨਿਰਮਾਣ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਕੁਝ ਹੋਰ ਪੁੱਲਾਂ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਧਿਆਨ ’ਚ ਰੱਖਦਿਆਂ ਦੋ ਨਵੇਂ ਪੁੱਲ ਵੀ ਬਣਾਏ ਜਾਣਗੇ। ਇਨ੍ਹਾਂ ’ਚ ਅਜੋਲੀ ਤੋਂ ਬੇਲਾ ਧਿਆਨੀ ਅਤੇ ਭੱਟੋਂ ਤੋਂ ਬੇਲਾ ਧਿਆਨੀ ਲੋਅਰ ਨੂੰ ਜੋੜਨ ਵਾਲੇ ਪੁੱਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁੱਲਾਂ ਦੇ ਬਣਨ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਆਉਣ-ਜਾਣ ’ਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਅਤੇ ਪੁੱਲਾਂ ਦੇ ਨਿਰਮਾਣ ਕਾਰਜਾਂ ’ਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਸਥਾਨਕ ਵਸਨੀਕਾਂ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਨਾਲ ਸਬੰਧਤ ਹੋਰ ਸਮੱਸਿਆਵਾਂ ਅਤੇ ਜ਼ਰੂਰਤਾਂ ਤੋਂ ਵੀ ਜਾਣੂ ਕਰਵਾਇਆ। ਬੈਂਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯੋਗ ਕਦਮ ਚੁੱਕੇ ਜਾਣਗੇ। ਇਸ ਮੌਕੇ ਸੁਰਿੰਦਰ ਸਿੰਘ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਤਰਸੇਮ ਸੈਣੀ, ਕੁਲਵਿੰਦਰ, ਸੁਖਦੇਵ ਸੈਣੀ, ਮਨੀ, ਕਾਲੂ, ਪਰਮਜੀਤ ਸਿੰਘ ਅਤੇ ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।