ਮਾਗੇਵਾਲ ’ਤੇ ਕੋਟਲਾਂ ਤੋਂ ਤੀਰਥ ਯਾਤਰਾ ਬੱਸਾਂ ਰਵਾਨਾ ਮਾਗੇਵਾਲ ’ਤੇ ਕੋਟਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੱਸਾਂ ਕੀਤੀਆਂ ਰਵਾਨਾ
Publish Date: Wed, 07 Oct 2026 07:00 PM (IST)
Updated Date: Wed, 07 Oct 2026 07:02 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਮਾਗੇਵਾਲ ਅਤੇ ਕੋਟਲਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਸਨ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਮੁਹੱਈਆ ਕਰਵਾਈ ਜਾ ਰਹੀ ਇਸ ਸਹੂਲਤ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਦਾ ਧੰਨਵਾਦ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਨਾਲ ਲੋਕਾਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਆਰਥਿਕ ਕਾਰਨਾਂ ਜਾਂ ਹੋਰ ਮੁਸ਼ਕਲਾਂ ਕਾਰਨ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ, ਇਸ ਲਈ ਪੰਜਾਬ ਸਰਕਾਰ ਵੱਲੋਂ ਅਜਿਹੇ ਸ਼ਰਧਾਲੂਆਂ ਲਈ ਇਹ ਯਾਤਰਾ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਪਿੰਡ ਮਾਗੇਵਾਲ ਅਤੇ ਕੋਟਲਾਂ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਪਰਿਵਾਰਾਂ ਲਈ ਵੱਡੀ ਸਹੂਲਤ ਹੈ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।