ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਕੀਤੀ ਜਾਵੇਗੀ ਸਖ਼ਤ ਕਾਰਵਾਈ : ਸੁਖਪਾਲ ਸਿੰਘ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਬ-ਡਵੀਜ਼ਨਲ ਮਾਈਨਿੰਗ ਇਨਫੋਰਸਮੈਂਟ ਟਾਸਕ ਫੋਰਸ ਅਤੇ ਸਬ-ਡਵੀਜ਼ਨਲ ਫਲਾਇੰਗ ਸਕੁਐਡ ਟੀਮਾਂ ਦੇ ਗਠਨ ਸਬੰਧੀ ਐਸਡੀਐਮ
Publish Date: Thu, 08 Oct 2026 04:25 PM (IST)
Updated Date: Thu, 08 Oct 2026 04:26 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਬ-ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ’ਚ ਗੈਰ-ਕਾਨੂੰਨੀ ਮਾਈਨਿੰਗ, ਗੈਰ-ਕਾਨੂੰਨੀ ਖਣਿਜਾਂ ਦੀ ਚੋਰੀ-ਚੁਕਾਈ ਅਤੇ ਲਘੂ ਖਣਿਜਾਂ ਦੇ ਗੈਰ-ਕਾਨੂੰਨੀ ਭੰਡਾਰਨ ਨੂੰ ਰੋਕਣ ਲਈ ਸਬ-ਡਵੀਜ਼ਨਲ ਮਾਈਨਿੰਗ ਇਨਫੋਰਸਮੈਂਟ ਟਾਸਕ ਫੋਰਸ ਅਤੇ ਸਬ-ਡਵੀਜ਼ਨਲ ਫਲਾਇੰਗ ਸਕੁਐਡ ਦੇ ਗਠਨ ਸਬੰਧੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਐਸਡੀਐਮ ਸੁਖਪਾਲ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਵੱਲੋਂ ਜਾਰੀ ਹੁਕਮਾਂ ਤਹਿਤ ਸਬ-ਡਵੀਜ਼ਨ ਪੱਧਰ ’ਤੇ ਸਬ-ਡਵੀਜ਼ਨਲ ਮਾਈਨਿੰਗ ਇਨਫੋਰਸਮੈਂਟ ਟਾਸਕ ਫੋਰਸ ਅਤੇ ਸਬ-ਡਵੀਜ਼ਨਲ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦਾ ਮੁੱਖ ਉਦੇਸ਼ ਸਬ-ਡਵੀਜ਼ਨ ’ਚ ਗੈਰ-ਕਾਨੂੰਨੀ ਮਾਈਨਿੰਗ, ਖਣਿਜਾਂ ਦੀ ਗੈਰ-ਕਾਨੂੰਨੀ ਚੋਰੀ-ਚੁਕਾਈ ਅਤੇ ਭੰਡਾਰਨ ਨੂੰ ਰੋਕਣਾ, ਮੌਕੇ ’ਤੇ ਪੜਤਾਲ ਕਰਨਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਸਬ-ਡਵੀਜ਼ਨਲ ਮਾਈਨਿੰਗ ਇਨਫੋਰਸਮੈਂਟ ਟਾਸਕ ਫੋਰਸ ਅਤੇ ਸਬ-ਡਵੀਜ਼ਨਲ ਫਲਾਇੰਗ ਸਕੁਐਡ ਟੀਮਾਂ ਦੇ ਗਠਨ, ਉਨ੍ਹਾਂ ਦੀ ਕਾਰਜਪ੍ਰਣਾਲੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਪੜਤਾਲ ਤੇ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਜਸ਼ਨਦੀਪ ਸਿੰਘ ਡੀਐਸਪੀ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਅਤੇ ਲਘੂ ਖਣਿਜਾਂ ਦੇ ਗੈਰ-ਕਾਨੂੰਨੀ ਭੰਡਾਰਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਫਰਜ਼ਾਂ ਦੀ ਪੂਰੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਜਾਣਕਾਰੀਆਂ ’ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਯਕੀਨੀ ਬਣਾਉਣ।