ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਧਾਰ ਚੁੱਕੀ ਹੈ ਲੋਕ ਲਹਿਰ ਦਾ ਰੂਪ : ਡਾ.ਗੌਤਮ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ : ਡਾ.ਸੰਜੀਵ ਗੌਤਮ
Publish Date: Thu, 08 Oct 2026 05:27 PM (IST)
Updated Date: Thu, 08 Oct 2026 05:29 PM (IST)
ਨੰਗਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਵਾਰਡ ਨੰਬਰ 14, ਸਹਿਜੋਵਾਲ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ’ਤੇ ਚੰਦਪੁਰ, ਮਜਾਰੀ, ਪਹਾੜਪੁਰ ’ਤੇ ਕੀਰਤਪੁਰ ਸਾਹਿਬ ਦੇ ਵਾਰਡ ਨੰ:7 ਤੇ 8 ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ.ਸੰਜੀਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਸਹਿਯੋਗ ਇਸ ਮੁਹਿੰਮ ਦੀ ਸਫਲਤਾ ਦਾ ਸਭ ਤੋਂ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਵੀ ਬਹੁਤ ਜ਼ਰੂਰੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਮੁਹਿੰਮ ਨੂੰ ਪਿੰਡਾਂ ਅਤੇ ਵਾਰਡਾਂ ਤੱਕ ਲਿਜਾਇਆ ਜਾ ਰਿਹਾ ਹੈ। ਇਸ ਤਹਿਤ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਅਤੇ ਡੀ.ਐਸ.ਪੀ. ਨੰਗਲ ਨਵੀਨਪਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਇਲਾਕਿਆਂ ਵਿੱਚ ਜਾਗਰੂਕਤਾ ਕੈਂਪਾਂ ਅਤੇ ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ.ਗੌਤਮ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦੇ ਹੱਲ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਵੱਖ-ਵੱਖ ਕਮੇਟੀਆਂ ਵੱਲੋਂ ਲੋਕਾਂ ਨੂੰ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਸਮੂਹਿਕ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਜਿਵੇਂ ਹੋਰ ਬਿਮਾਰੀਆਂ ਦਾ ਇਲਾਜ ਸੰਭਵ ਹੈ, ਉਸੇ ਤਰ੍ਹਾਂ ਨਸ਼ੇ ਦਾ ਇਲਾਜ ਵੀ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਅਤੇ ਸਹਾਇਤਾ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਸਹਿਯੋਗ ਦੇ ਕੇ ਸਿਹਤਮੰਦ ਜੀਵਨ ਵੱਲ ਵਾਪਸ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣ।