ਕਾਂਗਰਸੀ ਵਰਕਰਾਂ ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਨੂਰਪੁਰਬੇਦੀ ਵਿਖੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ
Publish Date: Thu, 08 Oct 2026 06:09 PM (IST)
Updated Date: Thu, 08 Oct 2026 06:11 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਵਿਰੋਧ ’ਚ ਅੱਜ ਬਲਾਕ ਕਾਂਗਰਸ ਕਮੇਟੀ ਨੂਰਪੁਰਬੇਦੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਨੂਰਪੁਰਬੇਦੀ ਵਿਖੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਜੇਕਰ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਇਆ ਜਾਂਦਾ ਹੈ ਤਾਂ ਇਹ ਉਸ ਦੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਅਸਰ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਪਾਉਣ ਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਉਣ ਤੋਂ ਪਹਿਲਾਂ ਉਸ ਦੀ ਪੂਰੀ ਪੜਤਾਲ ਕਰਕੇ ਉਸ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਗਰੀਬਾਂ, ਦਲਿਤਾਂ, ਘੱਟ ਗਿਣਤੀਆਂ, ਔਰਤਾਂ ਅਤੇ ਹੋਰ ਹਾਸ਼ੀਆਗਤ ਵਰਗਾਂ ਦੇ ਲੋਕਾਂ ਦੇ ਨਾਮ ਕੱਟੇ ਜਾਣ ਦਾ ਖਦਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਵਿੱਚੋਂ ਨਾ ਹਟਾਇਆ ਜਾਵੇ ਅਤੇ ਜੇਕਰ ਕਿਸੇ ਵੋਟਰ ਦਾ ਨਾਮ ਕੱਟਿਆ ਗਿਆ ਹੈ ਤਾਂ ਉਸ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਉਪਰੰਤ ਬੱਸ ਸਟੈਂਡ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਡਵੋਕੇਟ ਗਗਨ ਸ਼ਰਮਾ, ਸੂਰਜ ਧੀਮਾਨ, ਗੌਰਵ ਕਾਲੜਾ, ਰਾਜ ਕੁਮਾਰ ਕਾਕੂ, ਸੁਰਿੰਦਰ ਰਾਣਾ ਮੁਕਾਰੀ, ਰੋਸ਼ਨ ਲਾਲ, ਵਿਕਰਮ ਪਟਵਾਰੀ, ਨਰਾਤਾ ਰਾਮ, ਪਰਦੀਪ ਮੁਕਾਰੀ, ਜਸਵੀਰ ਜੱਟ, ਭੁਪਿੰਦਰ ਬਿੰਨੀ ਤੇ ਗੁਲਜ਼ਾਰੀ ਲਾਲ ਸਹਿਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।