ਮਿੱਤਲ ਨੇ 2027 ਲਈ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੰਦ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਿੱਤਲ ਨੇ 2027 ਲਈ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੰਦ
Publish Date: Sun, 11 Oct 2026 05:52 PM (IST)
Updated Date: Sun, 11 Oct 2026 05:53 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ’ਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਮਿੱਤਲ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਾਰਟੀ ਦੇ ਸਰਗਰਮ ਆਗੂ ਸ਼ਿਵ ਕੁਮਾਰ ਬੇਦੀ ਦੇ ਨਿਵਾਸ ਸਥਾਨ ’ਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਰਵਿੰਦ ਮਿੱਤਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਨ੍ਹਾਂ ਯੋਜਨਾਵਾਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ, ਆਯੁਸ਼ਮਾਨ ਭਾਰਤ ਯੋਜਨਾ ਤਹਿਤ ਪੰਜ ਲੱਖ ਰੁਪਏ ਤੱਕ ਦੇ ਸਿਹਤ ਬੀਮਾ ਲਾਭ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਉੱਜਵਲਾ ਯੋਜਨਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣੀ ਜ਼ਰੂਰੀ ਹੈ। ਅਰਵਿੰਦ ਮਿੱਤਲ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਗੱਲ ਕਹੀ। ਇਸ ਮੌਕੇ ਸ਼ਿਵ ਕੁਮਾਰ ਬੇਦੀ, ਸੁਮਿਤ ਕੁਮਾਰ ਜੈਰਥ, ਸਾਬਕਾ ਸਰਪੰਚ ਰਕਸ਼ਾ ਰਾਣੀ, ਹੈਪੀ ਬੇਦੀ, ਸੰਦੀਪ ਕੁਮਾਰ ਕੋੜਾ, ਭਜਨ ਲਾਲ, ਕ੍ਰਿਸ਼ਨ ਕੁਮਾਰ ਅੱਤਰੀ , ਗਿਆਨ ਚੰਦ ਭਾਗੀਰਥ, ਤਰਸੇਮ ਲਾਲ ਬਾਵਾ, ਸ਼ਿਵ ਕੁਮਾਰ, ਅਖਿਲ ਕੁਮਾਰ, ਦਵਿੰਦਰ ਕੁਮਾਰ ਬਿੰਦੀ, ਸਾਬਕਾ ਸਰਪੰਚ ਕਸ਼ਮੀਰਾ ਸਿੰਘ, ਨਰੇਸ਼ ਕੁਮਾਰ ਆਚਾਰੀਆ, ਬਾਰੂ ਸੰਘੀ ਅਤੇ ਦੀਪਕ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।