ਸਿੰਘ ਸ਼ਹੀਦਾਂ ਦੇ ਅਸਥਾਨ ’ਤੇ ਹੋਣ ਵਾਲੇ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਮਕੌੜੀ ਕਲਾਂ ਵਿੱਖੇ ਸਿੰਘ ਸ਼ਹੀਦਾਂ ਦੇ ਅਸਥਾਨ ਤੇ ਹੋਣ ਵਾਲੇ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ
Publish Date: Sun, 11 Oct 2026 06:48 PM (IST)
Updated Date: Sun, 11 Oct 2026 06:50 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਨਜ਼ਦੀਕੀ ਪਿੰਡ ਘਨੌਲੀ ਨੇੜੇ ਸਿੰਘਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਮਕੌੜੀ ਕਲਾਂ ਵਿਖੇ ਦੁਸਹਿਰੇ ਦੇ ਸਬੰਧ ’ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕਰਕੇ ਸੰਗਤਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 18 ਅਕਤੂਬਰ ਨੂੰ ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਉਪਰੰਤ 20 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੋਲਡ ਮੈਡਲਿਸਟ ਢਾਡੀ ਬਲਬੀਰ ਸਿੰਘ ਰਸੀਲਾ, ਸ੍ਰੀ ਚਮਕੌਰ ਸਾਹਿਬ ਵਾਲਿਆਂ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਸੁਣਾ ਕੇ ਨਿਹਾਲ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਨੌਜਵਾਨਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਅਨੁਸਾਰ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਲਾਲੀ ਤੋਂ ਇਲਾਵਾ ਸੁਰਜੀਤ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ, ਉਦੈਵੀਰ ਸਿੰਘ, ਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਰੁਪਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ ਤੇ ਸੇਵਾਦਾਰ ਹਾਜ਼ਰ ਸਨ।