ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ
Publish Date: Mon, 12 Oct 2026 05:09 PM (IST)
Updated Date: Mon, 12 Oct 2026 05:11 PM (IST)
ਭਾਸ਼ਣ, ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਸਿੱਖਿਆਵਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਲੜੀ ਤਹਿਤ ਹਾਊਸ ਪੱਧਰ ’ਤੇ ਭਾਸ਼ਣ , ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸੰਦੇਸ਼ ਦੇ ਨਾਲ-ਨਾਲ ਮਨੁੱਖਤਾ, ਸਮਾਨਤਾ, ਸੇਵਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਜਸਕੀਰਤ ਕੌਰ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਬਲਿਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਗਿਆਨ, ਬੌਧਿਕ ਯੋਗਤਾ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ’ਚ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਗਿਆਨ ਅਤੇ ਰਚਨਾਤਮਕਤਾ ਦਾ ਵਿਕਾਸ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।