ਤੀਰਥ ਯਾਤਰਾ ਯੋਜਨਾ ਤਹਿਤ 3 ਬੱਸਾਂ ਅੰਮ੍ਰਿਤਸਰ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਅੰਮ੍ਰਿਤਸਰ ਰਵਾਨਾ
Publish Date: Mon, 12 Oct 2026 06:04 PM (IST)
Updated Date: Mon, 12 Oct 2026 06:05 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਅਤੇ ਬਲਾਕ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਨੋਧੇ ਮਾਜਰਾ, ਗੋਲੂ ਮਾਜਰਾ, ਰਾਏਪੁਰ ਅਤੇ ਭੋਗੀਪੁਰ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ਨੂੰ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਦੱਸਿਆ ਗਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਚੱਜੀ ਅਤੇ ਸੁਵਿਧਾਜਨਕ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਸ਼ਰਧਾ ਅਨੁਸਾਰ ਗੁਰਧਾਮਾਂ ਅਤੇ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਬੱਸਾਂ ਦੇ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉਪਰਾਲੇ ਰਾਹੀਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸ਼ਰਧਾਲੂਆਂ ਨੂੰ ਇਕੱਠੇ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਸਹੂਲਤ ਪ੍ਰਦਾਨ ਕਰਨ ਵਾਲੀ ਪਹਿਲਕਦਮੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਾਕ ਸੰਮਤੀ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਵੀ ਹਾਜ਼ਰ ਸਨ।