ਸਰਕਾਰੀ ਹਸਪਤਾਲ ’ਤੇ ਲਟਕੇ ਤਾਲੇ ਨੇ ਖੋਲ੍ਹੀ ਸਰਕਾਰ ਦੀ ਪੋਲ ਕੀਰਤਪੁਰ ਸਾਹਿਬ ਦੇ ਸਰਕਾਰੀ ਹਸਪਤਾਲ ’ਤੇ ਲਟਕੇ ਤਾਲੇ ਨੇ ਖੋਲ੍ਹੀ ਪੰਜਾਬ ਸਰਕਾਰ ਦੀ ‘ਸਿਹਤ ਕ੍ਰਾਂਤੀ’ ਦੀ ਪੋਲ: ਡਾ. ਸੁਭਾਸ਼ ਸ਼ਰਮਾ
Publish Date: Mon, 12 Oct 2026 06:07 PM (IST)
Updated Date: Mon, 12 Oct 2026 06:08 PM (IST)
ਸਾਢੇ 4 ਸਾਲ ਬਾਅਦ ਵੀ 24 ਘੰਟੇ ਸਿਹਤ ਸਹੂਲਤਾਂ ਦਾ ਵਾਅਦਾ ਅਧੂਰਾ : : ਡਾ. ਸੁਭਾਸ਼ ਸ਼ਰਮਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅੱਜ ਵਿਸ਼ੇਸ਼ ਤੌਰ ’ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਸਮੇਤ ਸਥਾਨਕ ਮੁੱਢਲਾ ਸਿਹਤ ਕੇਂਦਰ (ਪੀਐੱਚਸੀ) ਦਾ ਦੌਰਾ ਕਰਦਿਆਂ ਸਰਕਾਰੀ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਕੈਬਨਿਟ ਮੰਤਰੀ ’ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਹਸਪਤਾਲ ’ਤੇ ਤਾਲੇ ਲੱਗੇ ਹੋਏ ਸਨ ਅਤੇ ਮੌਕੇ ’ਤੇ ਨਾ ਕੋਈ ਡਾਕਟਰ ਮੌਜੂਦ ਸੀ, ਨਾ ਪੈਰਾ ਮੈਡੀਕਲ ਸਟਾਫ਼ ਅਤੇ ਨਾ ਹੀ ਕੋਈ ਹੋਰ ਮੁਲਾਜ਼ਮ। ਦੁਪਹਿਰ ਦੋ ਵਜੇ ਤੋਂ ਬਾਅਦ ਸਿਹਤ ਕੇਂਦਰ ਬੰਦ ਮਿਲਣ ਨਾਲ ਇਹ ਗੰਭੀਰ ਸਵਾਲ ਖੜ੍ਹਾ ਹੁੰਦਾ ਹੈ ਕਿ ਐਮਰਜੈਂਸੀ ਦੀ ਸਥਿਤੀ ’ਚ ਇਲਾਕੇ ਦੇ ਲੋਕ ਇਲਾਜ ਲਈ ਕਿੱਥੇ ਜਾਣ? ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸੇ ਸਿਹਤ ਕੇਂਦਰ ਨੂੰ 24 ਘੰਟੇ ਖੁੱਲ੍ਹਾ ਰੱਖਣ ਅਤੇ ਇੱਥੇ ਸਾਰੀਆਂ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਗਏ ਸਨ। ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਜ਼ਮੀਨੀ ਹਕੀਕਤ ਇਹ ਹੈ ਕਿ ਦੁਪਹਿਰ ਦੋ ਵਜੇ ਤੋਂ ਬਾਅਦ ਹਸਪਤਾਲ ’ਤੇ ਤਾਲੇ ਲੱਗੇ ਮਿਲੇ। ਡਾ. ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ’ਚ ਸਿਹਤ ਸੇਵਾਵਾਂ ਦੇ ਖੇਤਰ ’ਚ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਕੀਰਤਪੁਰ ਸਾਹਿਬ ਦੇ ਇਸ ਸਿਹਤ ਕੇਂਦਰ ਦੀ ਸਥਿਤੀ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆਉਂਦੀ ਹੈ। ਜਦੋਂ ਇੱਕ ਮੁੱਢਲਾ ਸਿਹਤ ਕੇਂਦਰ ਹੀ ਨਿਰਧਾਰਤ ਸਮੇਂ ਤੋਂ ਬਾਅਦ ਬੰਦ ਹੋ ਜਾਂਦਾ ਹੈ ਤਾਂ ਸਰਕਾਰ ਵੱਲੋਂ 24 ਘੰਟੇ ਸਿਹਤ ਸਹੂਲਤਾਂ ਦੇਣ ਦੇ ਕੀਤੇ ਵਾਅਦਿਆਂ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਪਿੰਡਾਂ ਅਤੇ ਕਸਬਿਆਂ ’ਚ ਰਹਿਣ ਵਾਲੇ ਲੋਕਾਂ, ਗ਼ਰੀਬ ਪਰਿਵਾਰਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲਣੀ ਉਨ੍ਹਾਂ ਦਾ ਹੱਕ ਹੈ। ਜੇਕਰ ਦੁਪਹਿਰ ਦੋ ਵਜੇ ਤੋਂ ਬਾਅਦ ਕਿਸੇ ਮਰੀਜ਼ ਦੀ ਸਿਹਤ ਅਚਾਨਕ ਵਿਗੜ ਜਾਂਦੀ ਹੈ ਤਾਂ ਉਸ ਨੂੰ ਇਲਾਜ ਲਈ ਭਟਕਣਾ ਪੈ ਸਕਦਾ ਹੈ। ਅਜਿਹੀ ਸਥਿਤੀ ’ਚ ਸਰਕਾਰ ਦੇ ਵੱਡੇ-ਵੱਡੇ ਇਸ਼ਤਿਹਾਰ ਅਤੇ ਦਾਅਵੇ ਲੋਕਾਂ ਦੇ ਕਿਸੇ ਕੰਮ ਨਹੀਂ ਆਉਂਦੇ। ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਸਿਹਤ ਕੇਂਦਰ ਬੰਦ ਰਹਿਣ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਦੇ ਨਾਲ ਹੀ ਹਸਪਤਾਲ ’ਚ ਡਾਕਟਰਾਂ ਅਤੇ ਲੋੜੀਂਦੇ ਸਟਾਫ਼ ਦੀ ਨਿਯਮਤ ਤਾਇਨਾਤੀ ਯਕੀਨੀ ਬਣਾਈ ਜਾਵੇ ਅਤੇ ਸਰਕਾਰ ਵੱਲੋਂ ਐਲਾਨੀਆਂ 24 ਘੰਟੇ ਸਿਹਤ ਸਹੂਲਤਾਂ ਦੀ ਅਸਲ ਸਥਿਤੀ ਲੋਕਾਂ ਸਾਹਮਣੇ ਰੱਖੀ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਰਜਨੀਸ਼ ਲੱਕੀ, ਕਿਸ਼ਨ ਸਿੰਘ ਸੂਬਾ, ਮੰਡਲ ਪ੍ਰਧਾਨ ਸੁਬੇਗ ਸਿੰਘ, ਵਿਸ਼ਾਲ ਬੇਦੀ, ਸ਼ਿਵ ਬੇਦੀ ਅਤੇ ਗਿਆਨ ਚੰਦ ਵੀ ਹਾਜ਼ਰ ਸਨ।