ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ ਨਗਰ ਕੌਂਸਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਕੀਤਾ ਗਿਆ ਜਾਗਰੂਕ
Publish Date: Mon, 12 Oct 2026 06:26 PM (IST)
Updated Date: Mon, 12 Oct 2026 06:29 PM (IST)
ਸ਼ਹਿਰ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ ਹੈ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਯੋਗ ਅਗਵਾਈ ਹੇਠ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਇਸ ਮੁਹਿੰਮ ਤਹਿਤ 17 ਸਤੰਬਰ ਤੋਂ 17 ਅਕਤੂਬਰ ਤੱਕ ਵੱਖ-ਵੱਖ ਸਵੱਛਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵੱਲੋਂ ਵਾਰਡ ਨੰਬਰ 13 ਵਿੱਚ ਐਮ.ਸੀ. ਮੈਡਮ ਅਰਸ਼ਵਰਿੰਦਰ ਕੌਰ ਦੇ ਸਹਿਯੋਗ ਨਾਲ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਡਿਸਪੋਜ਼ੇਬਲ ਪਦਾਰਥਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਲਾਸਟਿਕ ਦੀ ਬੇਲੋੜੀ ਵਰਤੋਂ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਦਾ ਮਨੁੱਖੀ ਸਿਹਤ ਅਤੇ ਕੁਦਰਤੀ ਸਰੋਤਾਂ ਉੱਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਦੀ ਸ਼ੁਰੂਆਤ ਹਰ ਵਿਅਕਤੀ ਨੂੰ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ। ਬਾਜ਼ਾਰ ਜਾਂਦੇ ਸਮੇਂ ਘਰੋਂ ਹੀ ਕੱਪੜੇ ਦਾ ਥੈਲਾ ਨਾਲ ਲੈ ਕੇ ਜਾਣ ਦੀ ਆਦਤ ਅਪਣਾਈ ਜਾਵੇ, ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਕੇਵਲ ਨਗਰ ਕੌਂਸਲ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸਵੱਛ ਅਤੇ ਹਰਿਆ-ਭਰਿਆ ਸ਼ਹਿਰ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਵੱਲੋਂ ਤਿਆਰ ਕਰਵਾਏ ਗਏ ਕੱਪੜੇ ਦੇ ਥੈਲੇ ਵੀ ਸ਼ਹਿਰ ਵਾਸੀਆਂ ਨੂੰ ਵੰਡੇ ਗਏ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਥਾਂ ਮੁੜ ਵਰਤੋਂ ਯੋਗ ਕੱਪੜੇ ਦੇ ਥੈਲਿਆਂ ਨੂੰ ਤਰਜੀਹ ਦੇਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਅਜਿਹੇ ਛੋਟੇ-ਛੋਟੇ ਕਦਮ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਸੈਨੀਟਰੀ ਇੰਸਪੈਕਟਰ ਬਹਾਦਰ ਸਿੰਘ, ਐਡਵੋਕੇਟ ਮਨਦੀਪ ਸਿੰਘ ਪ੍ਰੋਗਰਾਮ ਕੋਆਰਡੀਨੇਟਰ, ਰਾਜ ਘਈ, ਕੌਂਸਲਰ ਅਤੇ ਮੀਤ ਪ੍ਰਧਾਨ ਹਰਪਾਲ ਕੌਰ, ਐਮ.ਸੀ. ਅਰਸ਼ਵਰਿੰਦਰ ਕੌਰ, ਕੌਂਸਲਰ ਸੁਖਦੇਵ ਸਿੰਘ ਬੀਟੀ, ਵਾਲਮੀਕਿ ਸਭਾ ਦੇ ਪ੍ਰਧਾਨ ਰਵੀ ਹੰਸ, ਰੇਹੜੀ-ਫੜ੍ਹੀ-ਖੋਖਾ ਯੂਨੀਅਨ ਦੇ ਚੇਅਰਮੈਨ ਅਤੇ ਜਸਵੀਰ ਸਿੰਘ ਜੱਸਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।