7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਖਾਲਸਾ ਕਾਲਜ ਵਿਖੇ ਸੱਤ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ
Publish Date: Tue, 13 Oct 2026 04:24 PM (IST)
Updated Date: Tue, 13 Oct 2026 04:26 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਦੀ ਟ੍ਰੇਨਿੰਗ ਐਂਡ ਲਰਨਿੰਗ ਅਕੈਡਮੀ (ਏਟੀਏਐਲ) ਦੇ ਸਹਿਯੋਗ ਨਾਲ ਕਰਵਾਇਆ ਗਿਆ ਸੱਤ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋ ਗਿਆ। 7 ਤੋਂ 13 ਅਕਤੂਬਰ ਤੱਕ ਚੱਲੇ ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਸਮਾਰਟ ਡਿਜੀਟਲ ਇੰਡੀਆ ਲਈ ਏਆਈ ਸਾਧਨਾਂ ਅਤੇ ਸਾਈਬਰ ਸੁਰੱਖਿਆ ਰਾਹੀਂ ਅਧਿਆਪਕਾਂ ਨੂੰ ਸਮਰੱਥ ਬਣਾਉਣਾ’ ਸੀ। ਇਸ ’ਚ ਵੱਖ-ਵੱਖ ਕਾਲਜਾਂ ਦੇ 60 ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਆਖ਼ਰੀ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਗੁਰਵਿੰਦਰ ਸਿੰਘ ਨੇ ‘ਇੰਟੈਲੀਜੈਂਸ ਐਂਡ ਸਟ੍ਰੈੱਸ ਮੈਨੇਜਮੈਂਟ ਇਨ ਦਾ ਡਿਜੀਟਲ ਏਜ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਿੱਤਾ। ਉਨ੍ਹਾਂ ਨੇ ਡਿਜੀਟਲ ਯੁੱਗ ’ਚ ਬੌਧਿਕ ਸਮਰੱਥਾ, ਤਣਾਅ ਪ੍ਰਬੰਧਨ ਅਤੇ ਤਕਨੀਕ ਦੀ ਤੇਜ਼ੀ ਨਾਲ ਬਦਲ ਰਹੀ ਦੁਨੀਆ ’ਚ ਪੈਦਾ ਹੋਣ ਵਾਲੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਅਧਿਆਪਕਾਂ ਨੂੰ ਡਿਜੀਟਲ ਸਾਧਨਾਂ ਦੀ ਸੁਚੱਜੀ ਵਰਤੋਂ ਅਤੇ ਮਾਨਸਿਕ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਪ੍ਰਿਥਵੀ ਪਾਲ ਸਿੰਘ ਨੇ ਵੀ ਏਆਈ ਵਿਸ਼ੇ ’ਤੇ ਲੈਕਚਰ ਦਿੱਤਾ। ਪ੍ਰੋਗਰਾਮ ਦੌਰਾਨ ਦੇਸ਼ ਦੀਆਂ ਵੱਖ-ਵੱਖ ਆਈਆਈਟੀਜ਼, ਯੂਨੀਵਰਸਿਟੀਆਂ ਅਤੇ ਪ੍ਰਮੁੱਖ ਵਿਦਿਅਕ ਸੰਸਥਾਵਾਂ ਦੇ ਮਾਹਿਰਾਂ ਨੇ ਲੈਕਚਰ ਦਿੱਤੇ। ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ, ਆਧੁਨਿਕ ਏਆਈ ਸਾਧਨਾਂ, ਸਾਈਬਰ ਸੁਰੱਖਿਆ ਅਤੇ ਡਿਜੀਟਲ ਤਕਨੀਕ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪ੍ਰੋਗਰਾਮ ਦੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਅਕਾਦਮਿਕ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ ਅਤੇ ਹੁਨਰ ’ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ ਖੇਤਰ ਦੀਆਂ ਨਵੀਆਂ ਤਬਦੀਲੀਆਂ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਦੇਸ਼ ਪੱਧਰ ਦਾ ਪ੍ਰੋਗਰਾਮ ਕਰਵਾਉਣਾ ਮਾਣ ਵਾਲੀ ਗੱਲ ਹੈ। ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਸੁਰਿੰਦਰ ਕੁਮਾਰ ਨੇ ਕਾਲਜ ਦੀ ਮੈਨੇਜਮੈਂਟ, ਪ੍ਰਿੰਸੀਪਲ, ਮਾਹਿਰਾਂ, ਭਾਗ ਲੈਣ ਵਾਲੇ ਪ੍ਰੋਫੈਸਰਾਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋਗਰਾਮ ਦੀ ਕੋ-ਕੋਆਰਡੀਨੇਟਰ ਪ੍ਰੋਫੈਸਰ ਤਜਿੰਦਰ ਕੌਰ ਨੇ ਕੀਤਾ, ਜਦਕਿ ਅੰਤ ’ਚ ਪ੍ਰੋ. ਪਰਮਜੀਤ ਕੌਰ ਨੇ ਮਹਿਮਾਨਾਂ ਅਤੇ ਪ੍ਰੋਫੈਸਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦਾ ਸਮੁੱਚਾ ਸਟਾਫ਼ ਮੌਜੂਦ ਸੀ।