ਪੋਕਸੋ ’ਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਜਾਗਰੂਕਤਾ ਸੈਮੀਨਾਰ ਮਧੂਵਨ ਸਕੂਲ ਵਿਖੇ ਪੋਕਸੋ ’ਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਜਾਗਰੂਕਤਾ ਸੈਮੀਨਾਰ
Publish Date: Tue, 13 Oct 2026 04:55 PM (IST)
Updated Date: Tue, 13 Oct 2026 04:56 PM (IST)
ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕਾਨੂੰਨੀ ਜਾਗਰੂਕਤਾ ਜ਼ਰੂਰੀ : ਅਮਨਦੀਪ ਕੌਰ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਅਤੇ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐੱਮ) ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਅਮਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਅਮਿਤ ਚੱਢਾ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਬਾਲ ਭਲਾਈ ਕਮੇਟੀ, ਰੂਪਨਗਰ ਦੇ ਮੈਂਬਰ ਐਡਵੋਕੇਟ ਗਗਨਦੀਪ ਭਾਰਦਵਾਜ ਵੀ ਮੌਜੂਦ ਸਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਜੇਐੱਮ ਅਮਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਅਤੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਅਣਉਚਿਤ ਵਿਹਾਰ ਹੋਣ ਦੀ ਸੂਰਤ ’ਚ ਸਮੇਂ ਸਿਰ ਸੁਚੇਤ ਹੋਣਾ, ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇਣਾ ਅਤੇ ਲੋੜ ਅਨੁਸਾਰ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਮਹੱਤਵਪੂਰਨ ਹੈ। ਇਸ ਮੌਕੇ ਐਡਵੋਕੇਟ ਗਗਨਦੀਪ ਭਾਰਦਵਾਜ ਨੇ ਪੋਕਸੋ ਐਕਟ ਅਤੇ ਜੁਵੇਨਾਈਲ ਜਸਟਿਸ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ, ਜਦਕਿ ਜੁਵੇਨਾਈਲ ਜਸਟਿਸ ਐਕਟ ਤਹਿਤ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਟਕਰਾਅ ’ਚ ਆਏ ਬੱਚਿਆਂ ਸਬੰਧੀ ਵਿਸ਼ੇਸ਼ ਕਾਨੂੰਨੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਲਈ ਮਾਪਿਆਂ, ਅਧਿਆਪਕਾਂ, ਸਕੂਲ ਪ੍ਰਬੰਧਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਸੈਮੀਨਾਰ ਦੌਰਾਨ ਸਕੂਲ ਦੇ ਅਧਿਆਪਕਾਂ ਦੇ ਨਾਲ-ਨਾਲ ਸਕੂਲ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੀ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਬੱਚਿਆਂ ਦੀ ਆਵਾਜਾਈ ਦੌਰਾਨ ਪੂਰੀ ਚੌਕਸੀ ਵਰਤਣ, ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ, ਅਨੂ ਕੌਸ਼ਲ, ਅਵਿਨਾਸ਼ ਕੁਮਾਰ, ਸੁਰੇਖਾ ਰਾਣਾ ਅਤੇ ਰਮਾ ਸ਼ਰਮਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਨ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰਾਂ ਨੂੰ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸੁਰੱਖਿਅਤ ਵਾਤਾਵਰਨ ਸਿਰਜਣ ਲਈ ਅਹਿਮ ਉਪਰਾਲਾ ਕਰਾਰ ਦਿੱਤਾ ਗਿਆ।