ਪਰਮਿੰਦਰ ਝੋਟਾ ’ਤੇ ਹਮਲੇ ਦੀ ਘਟਨਾ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ ਪ੍ਰਮਿੰਦਰ ਝੋਟਾ ’ਤੇ ਹਮਲੇ ਅਤੇ ਕਤਲ ਦੀ ਘਟਨਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ
Publish Date: Tue, 13 Oct 2026 06:11 PM (IST)
Updated Date: Tue, 13 Oct 2026 06:11 PM (IST)
‘ਜਦੋਂ ਤੱਕ ਸਿਆਸੀ ਸਰਪ੍ਰਸਤੀ ਦੇ ਦੋਸ਼ਾਂ ਦੀ ਜਾਂਚ ਨਹੀਂ ਹੋਵੇਗੀ, ਉਦੋਂ ਤੱਕ ਪੰਜਾਬ ਦੀ ਜਵਾਨੀ ਕਿਵੇਂ ਸੁਰੱਖਿਅਤ ਰਹੇਗੀ?’ : ਨਿਤਿਨ ਨੰਦਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ’ਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ਨੂੰ ਲੈ ਕੇ ਨਿਤਿਨ ਨੰਦਾ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਰਮਿੰਦਰ ਝੋਟਾ ਨਾਲ ਵਾਪਰੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਲੋਕਾਂ ਦੇ ਮਨਾਂ ’ਚ ਸੁਰੱਖਿਆ ਨੂੰ ਲੈ ਕੇ ਸਵਾਲ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪਰਮਿੰਦਰ ਛੋਟਾ ਨਾਲ ਵਾਪਰੀ ਘਟਨਾ ਦੇ ਜ਼ਿੰਮੇਵਾਰ ਕੌਣ ਹਨ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਲਾਕੇ ’ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਕਥਿਤ ਸਿਆਸੀ ਸਬੰਧਾਂ ਬਾਰੇ ਉੱਠ ਰਹੇ ਸਵਾਲਾਂ ਦਾ ਜਵਾਬ ਮਿਲਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਕਿਸੇ ਮੌਜੂਦਾ ਮੰਤਰੀ ਜਾਂ ਹੋਰ ਸਿਆਸੀ ਆਗੂ ਦੇ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਦੋਸ਼ ਹਨ, ਤਾਂ ਉਨ੍ਹਾਂ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰਵਾਈ ਜਾਵੇ ਅਤੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਨਿਤਿਨ ਨੰਦਾ ਨੇ ਕਿਹਾ ਕਿ ਇਹ ਵੀ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਹੈ ਕਿ ਕਿਸੇ ਵੀ ਅਪਰਾਧਿਕ ਵਾਰਦਾਤ ਤੋਂ ਪਹਿਲਾਂ ਜਾਂ ਬਾਅਦ ’ਚ ਕਥਿਤ ਮੁਲਜ਼ਮਾਂ ਦੀ ਕਿਸੇ ਮੰਤਰੀ, ਸਿਆਸੀ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਨਾਲ ਫ਼ੋਨ ’ਤੇ ਗੱਲਬਾਤ ਹੋਈ ਸੀ ਜਾਂ ਨਹੀਂ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਕਾਨੂੰਨੀ ਆਧਾਰ ਮੌਜੂਦ ਹੋਵੇ, ਉੱਥੇ ਕਾਲ ਰਿਕਾਰਡਾਂ ਅਤੇ ਹੋਰ ਸਬੰਧਤ ਸਬੂਤਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਕਿਸੇ ਵੀ ਸੰਭਾਵੀ ਸਬੰਧ ਜਾਂ ਦਖ਼ਲਅੰਦਾਜ਼ੀ ਬਾਰੇ ਤੱਥ ਸਾਹਮਣੇ ਆ ਸਕਣ। ਨਿਤਿਨ ਨੰਦਾ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਸੂਬੇ ’ਚ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ’ਤੇ ਕਾਬੂ ਪਾਉਣ ਲਈ ਠੋਸ ਕਾਰਵਾਈ ਹੋ ਰਹੀ ਹੈ, ਤਾਂ ਸਰਕਾਰ ਇਸ ਦੇ ਨਤੀਜੇ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਅਪਰਾਧ ਦੀ ਦਲਦਲ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਅਖੀਰ ’ਚ ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਮਿੰਦਰ ਛੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਦੇ ਕਥਿਤ ਸਿਆਸੀ ਸਬੰਧਾਂ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਸਿਆਸੀ ਫੰਡਿੰਗ ਜਾਂ ਸਰਪ੍ਰਸਤੀ ਦੇ ਸਬੂਤ ਮਿਲਦੇ ਹਨ, ਤਾਂ ਉਨ੍ਹਾਂ ਨੂੰ ਜਨਤਕ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਸੁਰੱਖਿਆ, ਇਨਸਾਫ਼ ਅਤੇ ਜਵਾਬਦੇਹੀ ਚਾਹੀਦੀ ਹੈ।