ਅਨਾਜ ਮੰਡੀਆਂ ’ਚ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਵਿਆਪਕ ਪ੍ਰਬੰਧ : ਬੈਂਸ ਪੰਜਾਬ ਸਰਕਾਰ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਖਰੀਦ, ਲਿਫਟਿੰਗ, ਅਦਾਇਗੀ ਲਈ ਕੀਤੇ ਵਿਆਪਕ ਪ੍ਰਬੰਧ: ਹਰਜੋਤ ਬੈਂਸ
Publish Date: Tue, 13 Oct 2026 06:18 PM (IST)
Updated Date: Tue, 13 Oct 2026 06:20 PM (IST)
4845 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ’ਚ ਵਿਆਪਕ ਪ੍ਰਬੰਧ ਕੀਤੇ ਹਨ। ਫਸਲ ਦੀ ਖਰੀਦ, ਲਿਫਟਿੰਗ, ਅਦਾਇਗੀ ਨਾਲੋ-ਨਾਲ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ’ਚ ਬੇਲੋੜੀ ਖੱਜਲ-ਖੁਆਰੀ ਨਾ ਹੋਵੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਮੁੱਚੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਹੋ ਰਹੀ ਝੋਨੇ ਦੀ ਖਰੀਦ, ਲਿਫਟਿੰਗ ’ਤੇ ਅਦਾਇਗੀ ਲਈ ਕੰਮ ਕਰ ਰਹੀਆਂ ਏਜੰਸੀਆਂ ’ਤੇ ਨਿਰੰਤਰ ਨਿਗਰਾਨੀ ਕਰ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਸੁਖਪਾਲ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ/ਨੰਗਲ ਉਪ ਮੰਡਲ ਅਧੀਨ ਆਉਦੇ 12 ਖਰੀਦ ਕੇਂਦਰਾਂ ’ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ’ਤੇ ਨਾਲੋ-ਨਾਲ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਕੱਲ੍ਹ ਤੱਕ ਮੰਡੀਆਂ ’ਚ 4845 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਨਾਲੋ ਨਾਲ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਕੱਤਰ ਮਾਰਕੀਟ ਕਮੇਟੀ ਲਖਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 485 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 4274 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 86 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ’ਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ’ਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ, ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਾਹਿਰਾ ਦਾ ਮੰਨਣਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ’ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ’ਤੇ ਪਰਾਲੀ ਨੂੰ ਖੇਤ ’ਚ ਹੀ ਵਾਹੁਣ ਨੂੰ ਤਰਜ਼ੀਹ ਦੇਣ, ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਹੋਏ ਹਨ।