‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਮੁਹਿੰਮ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ’ਤੇ ਸ਼ਹਿਰਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਜਾਰੀ
Publish Date: Tue, 13 Oct 2026 06:21 PM (IST)
Updated Date: Tue, 13 Oct 2026 06:23 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ’ਚ ਘਰ-ਘਰ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਵਿਲੇਜ਼ ਡਿਫੈਂਸ ਕਮੇਟੀਆਂ, ਵਾਰਡ ਡਿਫੈਂਸ ਕਮੇਟੀਆਂ ਅਤੇ ਕੋਆਰਡੀਨੇਟਰਾਂ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਨੰਗਲੀ ,ਟੱਪਰੀਆਂ, ਕਲਿਤਰਾ,ਭਨੂਪਲੀ ,ਭਾਲੋਵਾਲ, ਵਾਰਡ ਨੰਬਰ 19 ’ਚ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਕਮੇਟੀਆਂ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ ਅਤੇ ਜੇਕਰ ਇਲਾਕੇ ’ਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਦੇ ਧਿਆਨ ’ਚ ਲਿਆਂਦੀ ਜਾਵੇ। ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾਂ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ’ਚ ਇਲਾਜ ਲਈ ਭੇਜਿਆ ਜਾਣਾ ਚਾਹੀਦਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋ ਕੇ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ’ਚ ਪਰਿਵਾਰਾਂ ਅਤੇ ਆਮ ਲੋਕਾਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਮੋਹਿਤ ਦੀਵਾਨ ਉਪ ਕੋਆਰਡੀਨੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਬੰਧਤ ਪੁਲਿਸ ਸਟੇਸ਼ਨ ਜਾਂ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੀ ਨਸ਼ਿਆਂ ਸਬੰਧੀ ਜਾਣਕਾਰੀ ਨੂੰ ਗੁਪਤ ਰੱਖਣ ਅਤੇ ਉਸ ’ਤੇ ਢੁਕਵੀਂ ਕਾਰਵਾਈ ਕਰਨ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ’ਚ ਪੁਲਿਸ ਪੈਟਰੋਲਿੰਗ ਵਧਾਉਣ ਅਤੇ ਨਸ਼ਾ ਤਸਕਰਾਂ ’ਤੇ ਨਸ਼ੇ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ’ਚ ਹੋਰ ਤੇਜ਼ੀ ਲਿਆਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।